Punjab Politics: ਬਾਦਲ ਪਰਿਵਾਰ ਨਾਲ ਜੁੜੇ ਮੇਜਰ ਭੂਪਿੰਦਰ ਸਿੰਘ ਢਿੱਲੋਂ ਪੁੱਤਰ ਸਮੇਤ ਭਾਜਪਾ ’ਚ ਸ਼ਾਮਲ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਮੇਜਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਸੋਮਵਾਰ ਨੂੰ ਆਪਣੇ ਪੁੱਤਰ ਅਮਰਵੀਰ ਸਿੰਘ ਬਾਵਾ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਹੋਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਭੁਪਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਪੁੱਤਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਨੇ ਬਾਦਲ ਪਰਿਵਾਰ ਨਾਲ ਜੁੜੀ ਇੱਕ ਹੋਰ ਅਹਿਮ ਸਿਆਸੀ ਐਂਟਰੀ ਵਜੋਂ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ ਜਨਵਰੀ 2023 ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹਾਲ ਹੀ ਵਿੱਚ ਉਨ੍ਹਾਂ ਨੂੰ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਬਾਦਲ ਸਰਕਾਰ ’ਚ ਸਿਆਸੀ ਸਕੱਤਰ ਰਹੇ ਹਨ ਮੇਜਰ ਭੂਪ
78 ਸਾਲਾ ਭੁਪਿੰਦਰ ਸਿੰਘ ਢਿੱਲੋਂ, ਜਿਨ੍ਹਾਂ ਨੂੰ ਮੇਜਰ ਭੂਪ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਬਾਦਲ ਪਰਿਵਾਰ ਦੇ ਸੀਨੀਅਰ ਮੈਂਬਰਾਂ ਵਿੱਚੋਂ ਇੱਕ ਹਨ।
ਉਹ ਮਰਹੂਮ ਰਾਜ ਸਭਾ ਮੈਂਬਰ ਗੁਰਰਾਜ ਸਿੰਘ ਬਾਦਲ ਦੇ ਪੁੱਤਰ ਹਨ। ਗੁਰਰਾਜ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਦੇ ਪਿਤਾ ਰਘੁਰਾਜ ਸਿੰਘ ਦੇ ਛੋਟੇ ਭਰਾ ਸਨ। ਭੁਪਿੰਦਰ ਸਿੰਘ ਦਾ ਜੱਦੀ ਘਰ ਬਾਦਲ ਪਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਘਰ ਦੇ ਨਾਲ ਸਥਿਤ ਹੈ।
ਭਾਜਪਾ ਵਿੱਚ ਉਨ੍ਹਾਂ ਦੀ ਐਂਟਰੀ ਨੂੰ ਸਿਆਸੀ ਤੌਰ ’ਤੇ ਇਸ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਸੰਗਠਨ ਅਤੇ ਜਨ ਆਧਾਰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ।
ਪ੍ਰਧਾਨ ਮੰਤਰੀ ਮੋਦੀ ਦੇ ਕੰਮ ਤੋਂ ਪ੍ਰਭਾਵਿਤ ਹੋਣ ਦੀ ਗੱਲ ਕਹੀ
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਕਾਜ ਤੋਂ ਪ੍ਰਭਾਵਿਤ ਹਨ। ਉਨ੍ਹਾਂ ਸੰਕੇਤ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਚੋਣ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਅਤੇ ਆਪਣੇ ਨਾਮ ਨਾਲ ‘ਬਾਦਲ’ ਸ਼ਬਦ ਵੀ ਜੋੜਨਗੇ।
ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਭਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਨੂੰ ਕਿਸੇ ਕਿਸਮ ਦੀ ਨਾਰਾਜ਼ਗੀ ਜਾਂ ਸ਼ਿਕਾਇਤ ਨਹੀਂ ਹੈ।
ਲੰਬੀ ’ਚ ਭਾਜਪਾ ਦਾ ਚਿਹਰਾ ਬਣਨ ਦੀ ਚਰਚਾ
ਭੁਪਿੰਦਰ ਸਿੰਘ ਢਿੱਲੋਂ ਦੀ ਭਾਜਪਾ ਵਿੱਚ ਸ਼ਮੂਲੀਅਤ ਤੋਂ ਬਾਅਦ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਸਿਆਸੀ ਗੜ੍ਹ ਲੰਬੀ ਵਿੱਚ ਪਾਰਟੀ ਦੇ ਸੰਭਾਵਿਤ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਮਨਪ੍ਰੀਤ ਸਿੰਘ ਬਾਦਲ ਵੀ ਬਾਦਲ ਪਿੰਡ ਨਾਲ ਸਬੰਧਤ ਹਨ, ਪਰ ਉਨ੍ਹਾਂ ਦੀ ਸਿਆਸੀ ਸਰਗਰਮੀ ਮੁੱਖ ਤੌਰ ’ਤੇ ਬਠਿੰਡਾ ਸ਼ਹਿਰੀ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਵਿੱਚ ਰਹੀ ਹੈ।







