ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ ਦਰਮਿਆਨ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨਗੇ ਕੇਵਲ ਢਿੱਲੋਂ ਤੇ ਜਾਖੜ

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦੇ ਐਲਾਨ ਤੋਂ ਬਾਅਦ ਅੱਜ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਪਹਿਲੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸੂਤਰਾਂ ਨੇ ‘ਦਿ ਟ੍ਰਿਬਿਊਨ’ ਨੂੰ ਦੱਸਿਆ ਕਿ ਭਾਜਪਾ ਵੱਲੋਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-9 ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਹੋਣੀ ਹੈ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ 8 ਦਸੰਬਰ ਨੂੰ ਮੋਗਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਰੈਲੀ ਦੀ ਰਣਨੀਤੀ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਵਿਚਾਲੇ ਸੰਭਾਵੀ ਸੀਟਾਂ ਦੀ ਵੰਡ ਸਬੰਧੀ ਵੀ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ।

ਸੂਤਰਾਂ ਅਨੁਸਾਰ ਗੱਠਜੋੜ ਤਹਿਤ ਸੀਟਾਂ ਦੀ ਵੰਡ ਦਾ ਵੱਡਾ ਖਾਕਾ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਇਸ ਦਾ ਐਲਾਨ ਜਲਦ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਮੋਗਾ ਰੈਲੀ ਨੂੰ ਪੰਜਾਬ ਵਿੱਚ ਦੋਵਾਂ ਸਹਿਯੋਗੀ ਪਾਰਟੀਆਂ ਦੀ ਸਾਂਝੀ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਾਲ 1996 ਵਿੱਚ ਮੋਗਾ ਦੀ ਧਰਤੀ ਤੋਂ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੀ ਵਾਰ ਭਾਜਪਾ ਨਾਲ ਅਕਾਲੀ ਦਲ ਦੇ ਗੱਠਜੋੜ ਦਾ ਐਲਾਨ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਹੋਣ ਵਾਲੀ ਗੱਲਬਾਤ ਅਤੇ ਇਸ ਦੇ ਨਤੀਜਿਆਂ ਬਾਰੇ ਕੇਂਦਰੀ ਆਗੂਆਂ ਨੂੰ ਵੀ ਜਾਣੂ ਕਰਵਾਇਆ ਜਾਵੇਗਾ।