ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਪੰਜਾਬ ਰਵਾਨਾ, ਸਖ਼ਤ ਸੁਰੱਖਿਆ ਹੇਠ ਦਿੱਲੀ ਪਹੁੰਚੇ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਰਿਹਾ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ।
ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਪਹੁੰਚੇ ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਹਵਾਈ ਅੱਡੇ ਤੱਕ ਸੱਤ ਵਾਹਨਾਂ ਦੇ ਕਾਫ਼ਲੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ। ਉੱਥੋਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਪਹੁੰਚਾਇਆ ਗਿਆ।
ਉਨ੍ਹਾਂ ਦੀ ਵਕੀਲ ਜਸਬੀਰ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਹੈ ਅਤੇ ਉਹ ਭਲਕੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਜਾਣਗੇ।
ਜਸਬੀਰ ਕੌਰ ਮੁਤਾਬਕ ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।
ਅੰਮ੍ਰਿਤਪਾਲ ਸਿੰਘ ਦੀ ਹਿਰਾਸਤੀ ਪੈਰੋਲ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਤਹਿਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਯੋਜਨਾ ਬਣਾਈ ਗਈ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਅਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ।
ਦੁਪਹਿਰ 12 ਤੋਂ 3 ਵਜੇ ਤੱਕ ਪਿੰਡ ਵਿੱਚ ਰਹਿਣ ਦੀ ਇਜਾਜ਼ਤ
ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਹਾਜ਼ਰ ਰੱਖਿਆ ਜਾਵੇ।
ਅਦਾਲਤ ਨੇ ਇਹ ਇਜਾਜ਼ਤ ਮਨੁੱਖੀ ਆਧਾਰ ’ਤੇ ਦਿੱਤੀ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਇਸ ਸਮੇਂ ਦੌਰਾਨ ਅੰਮ੍ਰਿਤਪਾਲ ਸਿੰਘ ਪੁਲੀਸ ਹਿਰਾਸਤ ਵਿੱਚ ਹੀ ਰਹਿਣਗੇ।
ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਉੱਥੋਂ ਪੁਲੀਸ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਪੁਲੀਸ ਵੱਲੋਂ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਅਜਨਾਲਾ ਥਾਣੇ ਦੀ ਘਟਨਾ ਤੋਂ ਬਾਅਦ ਚਰਚਾ ਵਿੱਚ ਆਏ ਸਨ ਅੰਮ੍ਰਿਤਪਾਲ
ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣ ਗਏ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ ਦੇ ਬਾਹਰ ਲੱਗੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਥਾਣੇ ਦੇ ਅੰਦਰ ਦਾਖ਼ਲ ਹੋ ਗਏ ਸਨ।
ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ, ਜਿਸ ਵਿੱਚ ਐੱਸਪੀ ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।
ਇਸ ਘਟਨਾ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਕੀਤੇ ਸਨ। ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਭਾਲ ਕੀਤੇ ਜਾਣ ਮਗਰੋਂ 23 ਅਪਰੈਲ 2023 ਨੂੰ ਉਨ੍ਹਾਂ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਲੰਮੇ ਸਮੇਂ ਬਾਅਦ ਪਰਿਵਾਰ ਨਾਲ ਮਿਲਣਗੇ
ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਵਿਚਕਾਰ ਪਹੁੰਚਣਗੇ। ਅਦਾਲਤ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸਿਰਫ਼ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੁਲੀਸ ਹਿਰਾਸਤ ਵਿੱਚ ਰਹਿੰਦਿਆਂ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।








