ਅੰਮ੍ਰਿਤਸਰ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 12 ਸਤੰਬਰ, ਸ਼ਨਿੱਚਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਸਕੱਤਰ ਦਫ਼ਤਰ ਵੱਲੋਂ ਅਧਿਕਾਰਤ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਦੇ ਨਾਲ ਹੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਵੀ ਇਸ ਦਿਨ ਨੂੰ ਅਧਿਕਾਰਤ ਛੁੱਟੀ ਵਜੋਂ ਘੋਸ਼ਿਤ ਕੀਤਾ ਗਿਆ ਹੈ।

ਉਧਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਹਾਲ ਹੀ ਵਿੱਚ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੀ ਰੂਪ-ਰੇਖਾ ’ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਹਰ ਸਾਲ ਸੰਗਤ, ਧਾਰਮਿਕ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਂਦੀ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ।