ਉੱਤਰ ਭਾਰਤ ਦੇ ਲੋਕਾਂ ਨੂੰ ਤਪਦੀ ਗਰਮੀ ਤੋਂ ਜਲਦ ਰਾਹਤ ਮਿਲ ਸਕਦੀ ਹੈ, ਪਰ ਇਸ ਦੇ ਨਾਲ ਹੀ ਖਰਾਬ ਮੌਸਮ ਦਾ ਖਤਰਾ ਵੀ ਵੱਧਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-NCR ਅਤੇ ਪੱਛਮੀ ਉੱਤਰ ਪ੍ਰਦੇਸ਼ ਲਈ ਅੱਜ ਰਾਤ ਤੋਂ ਮੌਸਮ ਵਿੱਚ ਵੱਡੇ ਬਦਲਾਅ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ 30 ਮਈ ਤੱਕ ਇਨ੍ਹਾਂ ਖੇਤਰਾਂ ਵਿੱਚ ਗਰਜ-ਚਮਕ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਕੁਝ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਦੀ ਰਫ਼ਤਾਰ 80 ਤੋਂ 120 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦਾ ਅਨੁਮਾਨ ਹੈ। ਕਈ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਮੌਸਮ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਕਾਰਨ ਦਰੱਖਤ ਉਖੜ ਸਕਦੇ ਹਨ, ਬਿਜਲੀ ਦੇ ਖੰਭੇ ਡਿੱਗ ਸਕਦੇ ਹਨ ਅਤੇ ਕੱਚੇ ਮਕਾਨਾਂ ਜਾਂ ਛੱਤਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਹਾਲਾਂਕਿ, ਇਹ ਬਾਰਿਸ਼ ‘ਨੌਤਪਾ’ ਦੀ ਤਿੱਖੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।



