ਆਜ਼ਾਦੀ ਦਿਵਸ: ਫਿਰੋਜ਼ਪੁਰ ’ਚ CM Mann ਨੇ ਲਹਿਰਾਇਆ ਤਿਰੰਗਾ, 25 ਪੁਲਿਸ ਅਧਿਕਾਰੀਆਂ ਨੂੰ ਮਿਲੇ ਮੈਡਲ

ਪੰਜਾਬ ‘ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ: CM ਮਾਨ ਨੇ ਫਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ, 25 ਪੁਲਿਸ ਅਧਿਕਾਰੀਆਂ ਦਾ ਸਨਮਾਨ

ਫਿਰੋਜ਼ਪੁਰ, 15 ਅਗਸਤ:
ਪੰਜਾਬ ਵਿੱਚ ਆਜ਼ਾਦੀ ਦਿਵਸ ਦਾ ਸੂਬਾ ਪੱਧਰੀ ਸਮਾਰੋਹ ਫਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਦੇ ਸ਼ਹੀਦੀ ਸਮਾਰਕ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੰਜਾਬ ਪੁਲਿਸ ਦੇ 25 ਅਧਿਕਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਏ ਗਏ, ਜਿੱਥੇ ਸੂਬਾ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਸਮਾਰੋਹ ਦਾ ਮੁੱਖ ਆਕਰਸ਼ਣ ਸ਼ਾਨਦਾਰ ਮਾਰਚ ਪਾਸਟ ਰਿਹਾ। ਇਸ ਵਿੱਚ ਸੀਮਾ ਸੁਰੱਖਿਆ ਬਲ (BSF), ਪੰਜਾਬ ਪੁਲਿਸ, ਪੰਜਾਬ ਪੁਲਿਸ ਦੇ ਮਹਿਲਾ ਵਿੰਗ, ਹਿਮਾਚਲ ਪੁਲਿਸ, ਹੋਮ ਗਾਰਡਜ਼, ਐਨਸੀਸੀ ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਨੇ ਹਿੱਸਾ ਲਿਆ।

ਮਾਰਚ ਪਾਸਟ ਤੋਂ ਬਾਅਦ ਸਕੂਲੀ ਬੱਚਿਆਂ ਵੱਲੋਂ ਪੀਟੀ ਸ਼ੋਅ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕੋਰੀਓਗ੍ਰਾਫੀ ਨੇ ਦਰਸ਼ਕਾਂ ਦਾ ਧਿਆਨ ਖਿੱਚਿਆ। ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਵੀ ਸਮਾਗਮ ਨੂੰ ਹੋਰ ਰੰਗੀਨ ਬਣਾ ਦਿੱਤਾ।

ਇਸ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ, ਜੋ ਸਮਾਗਮ ਵਿੱਚ ਖਿੱਚ ਦਾ ਕੇਂਦਰ ਬਣੀਆਂ।