‘ਐਂਟੀ ਡਰੱਗ ਟਾਸਕ ਫੋਰਸ’ ਦਾ ਸਿਪਾਹੀ ਹੀ ਨਿਕਲਿਆ ਨਸ਼ੇ ਦਾ ਸੌਦਾਗਰ!

ਸਰਹੱਦ ’ਤੇ ਨਸ਼ਾ ਰੋਕਣ ਲਈ ਤਾਇਨਾਤ ਪੁਲੀਸ ਮੁਲਾਜ਼ਮ ਹੀ ਨਿਕਲਿਆ ਤਸਕਰ, 15 ਕਿੱਲੋ ਹੈਰੋਇਨ ਸਮੇਤ ਕਾਬੂ

ਪੰਜਾਬ ਪੁਲੀਸ ਲਈ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੰਜਾਬ ਪੁਲੀਸ ਦਾ ਇੱਕ ਸਿਪਾਹੀ ਹੀ ਕਥਿਤ ਤੌਰ ’ਤੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜਿਆ ਗਿਆ ਹੈ। ਜਾਣਕਾਰੀ ਅਨੁਸਾਰ, ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ਼.) ਨੇ ਸਾਂਝੀ ਕਾਰਵਾਈ ਕਰਦਿਆਂ ਸਿਪਾਹੀ ਕਰਮ ਸਿੰਘ (ਨੰਬਰ 729) ਨੂੰ 15 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਕਰਮ ਸਿੰਘ ਤਰਨ ਤਾਰਨ ਪੁਲੀਸ ਵਿੱਚ ਤਾਇਨਾਤ ਹੈ ਅਤੇ ਉਹ ਪਿੰਡ ਭੂਸੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਦੀ ਡਿਊਟੀ ਥਾਣਾ ਖਾਲੜਾ ਦੇ ਅਧੀਨ ਆਉਂਦੇ ਸਰਹੱਦੀ ਖੇਤਰ ਵਿੱਚ ‘ਬਾਜ਼ ਅੱਖ’ ਮੁਹਿੰਮ ਤਹਿਤ ਸਥਾਪਤ ਐਂਟੀ ਡਰੋਨ ਸਿਸਟਮ ਵਾਲੀ ਬੱਸ ’ਤੇ ਲੱਗੀ ਹੋਈ ਸੀ। ਇਸ ਪ੍ਰਣਾਲੀ ਦਾ ਮੁੱਖ ਉਦੇਸ਼ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਭਾਰਤੀ ਖੇਤਰ ਵਿੱਚ ਭੇਜੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣਾ ਹੈ।

ਸੂਤਰਾਂ ਅਨੁਸਾਰ, ਸਿਪਾਹੀ ਨੂੰ ਲੰਘੀ ਰਾਤ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਡਿਊਟੀ ਖ਼ਤਮ ਕਰਨ ਮਗਰੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ। ਉਸ ਕੋਲੋਂ 15 ਕਿੱਲੋ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਉਸ ਨੇ ਨਸ਼ੇ ਦੀ ਇਹ ਖੇਪ ਕਿੱਥੋਂ ਹਾਸਲ ਕੀਤੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।

ਇਸ ਮਾਮਲੇ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ, ਕਿਉਂਕਿ ਜਿਸ ਮੁਲਾਜ਼ਮ ਦੀ ਜ਼ਿੰਮੇਵਾਰੀ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣਾ ਸੀ, ਉਸੇ ’ਤੇ ਇਸ ਧੰਦੇ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ।

ਤਰਨ ਤਾਰਨ ਦੇ ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਅੱਜ ਸਵੇਰੇ ਇਹ ਮਾਮਲਾ ਫੜਿਆ ਗਿਆ ਹੈ ਅਤੇ ਇਸ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੇ ਹੋਰ ਪਹਿਲੂ ਸਪੱਸ਼ਟ ਹੋ ਸਕਣਗੇ।