ਕਾਂਗਰਸ ਪਾਰਟੀ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਕਾਰਜਕਾਲ ਸਮਾਪਤ ਹੋ ਗਿਆ ਹੈ।
ਰਾਜਾ ਵੜਿੰਗ ਨੇ ਅੱਜ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਕਾਰਜਕਾਲ ਦੀਆਂ ਗਤੀਵਿਧੀਆਂ ਅਤੇ ਪੰਜਾਬ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਪੰਜਾਬ ਕਾਂਗਰਸ ਦੀ ਅਗਵਾਈ ਵਿੱਚ ਤਬਦੀਲੀ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਜ਼ੋਰਾਂ ’ਤੇ ਸੀ। ਪਰਗਟ ਸਿੰਘ ਦੇ ਨਾਲ-ਨਾਲ ਵਿਜੈਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਈ ਆਗੂਆਂ ਦੇ ਨਾਂ ਵੀ ਸੰਭਾਵੀ ਦਾਅਵੇਦਾਰਾਂ ਵਜੋਂ ਸਾਹਮਣੇ ਆ ਰਹੇ ਸਨ। ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬਾਈ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਆਪਣੀ ਰਿਪੋਰਟ ਹਾਈਕਮਾਨ ਨੂੰ ਭੇਜੀ ਗਈ ਸੀ।
ਪਾਰਟੀ ਵੱਲੋਂ ਇਹ ਫ਼ੈਸਲਾ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਅਤੇ ਸੰਗਠਨਾਤਮਕ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਦੇਣ ਨਾਲ ਪਾਰਟੀ ਨੇ ਸੂਬਾ ਇਕਾਈ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਕਰਨ ਦੀ ਕੋਸ਼ਿਸ਼ ਕੀਤੀ ਹੈ।
ਹਾਕੀ ਮੈਦਾਨ ਤੋਂ ਸਿਆਸੀ ਮੈਦਾਨ ਤੱਕ
ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਹਨ। ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਹੁਣ ਉਨ੍ਹਾਂ ਨੂੰ ਅਜਿਹੇ ਸਮੇਂ ਪੰਜਾਬ ਕਾਂਗਰਸ ਦੀ ਅਗਵਾਈ ਸੌਂਪੀ ਗਈ ਹੈ ਜਦੋਂ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟੀ ਹੋਈ ਹੈ।
ਉਲੇਖਣਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ ਇਸੇ ਸਾਲ 1 ਜੁਲਾਈ ਨੂੰ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ’ਤੇ ਬਣਾਈ ਰੱਖਣ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਬਾਅਦ ਵਿੱਚ ਸੂਬਾ ਇਕਾਈ ਦੇ ਕੰਮਕਾਜ ਅਤੇ ਸੰਗਠਨਕ ਢਾਂਚੇ ਦਾ ਮੁੜ ਮੁਲਾਂਕਣ ਕੀਤਾ ਗਿਆ। ਇਸ ਤੋਂ ਬਾਅਦ ਸਚਿਨ ਪਾਇਲਟ ਵੱਲੋਂ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਫੀਡਬੈਕ ਦੇ ਆਧਾਰ ’ਤੇ ਪਾਰਟੀ ਨੇ ਲੀਡਰਸ਼ਿਪ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਲਿਆ।







