ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ (ਡਬਲਿਊਐੱਸਓ) ਨੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਊਬੈਕ ਸੂਬਾ ਧਾਰਮਿਕ ਚਿੰਨ੍ਹਾਂ ’ਤੇ ਲੱਗੀ ਵਿਵਾਦਤ ਪਾਬੰਦੀ ਦਾ ਘੇਰਾ ਵਧਾ ਕੇ ਇਸ ਨੂੰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ’ਤੇ ਵੀ ਲਾਗੂ ਕਰਦਾ ਹੈ ਤਾਂ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਦੇਵੇ।
ਇਹ ਮੰਗ ਕੈਨੇਡਾ ਦੀ ਸੁਪਰੀਮ ਕੋਰਟ ਵੱਲੋਂ ਕਿਊਬੈਕ ਦੇ ਧਰਮ ਨਿਰਪੱਖਤਾ ਕਾਨੂੰਨ ‘ਬਿੱਲ 21’ ਨੂੰ ਬਰਕਰਾਰ ਰੱਖਣ ਦੇ ਫ਼ੈਸਲੇ ਤੋਂ ਬਾਅਦ ਉੱਠੀ ਹੈ। ਡਬਲਿਊਐੱਸਓ ਨੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਇਸ ਕਾਨੂੰਨ ਤਹਿਤ ਸਰਕਾਰੀ ਖੇਤਰ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਦਸਤਾਰ, ਹਿਜਾਬ ਅਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕਿਆ ਗਿਆ ਹੈ।
ਸਿੱਖ ਜਥੇਬੰਦੀ ਦੇ ਪ੍ਰਧਾਨ ਦਾਨਿਸ਼ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਕਿਊਬੈਕ ਵਿੱਚ ਰਹਿੰਦੇ ਸਿੱਖਾਂ ਨੂੰ ਵੱਡਾ ਝਟਕਾ ਲੱਗਾ ਹੈ। ਧਾਰਮਿਕ ਪਛਾਣ ਕਾਰਨ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਪਾਬੰਦੀਆਂ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ’ਤੇ ਵੀ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ ਕਈ ਪਰਿਵਾਰਾਂ ਨੂੰ ਕਿਊਬੈਕ ਛੱਡਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਗਠਨ ਧਾਰਮਿਕ ਆਜ਼ਾਦੀ ਅਤੇ ਸਿੱਖਾਂ ਦੇ ਅਧਿਕਾਰਾਂ ਦੀ ਰਾਖੀ ਲਈ ਇਸ ਕਾਨੂੰਨ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗਾ।








