ਕੱਲ ਨੂੰ ਹੋ ਗਿਆ ਛੁੱਟੀ ਦਾ ਐਲਾਨ

18 ਜੂਨ (ਵੀਰਵਾਰ) ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਬੁੱਧਵਾਰ ਨੂੰ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ।

ਜਾਣਕਾਰੀ ਅਨੁਸਾਰ, ਇਸ ਦਿਨ ਨੂੰ ਪਹਿਲਾਂ ਰਾਖਵੀਂ ਛੁੱਟੀ ਵਜੋਂ ਦਰਜ ਕੀਤਾ ਗਿਆ ਸੀ, ਪਰ ਹੁਣ ਪ੍ਰਸ਼ਾਸਨ ਨੇ ਆਪਣੇ ਪੁਰਾਣੇ ਹੁਕਮ ਵਿੱਚ ਸੋਧ ਕਰਦਿਆਂ ਇਸ ਨੂੰ ਪੂਰੀ ਜਨਤਕ ਛੁੱਟੀ ਘੋਸ਼ਿਤ ਕਰ ਦਿੱਤਾ ਹੈ।

ਉਲੇਖਣਯੋਗ ਹੈ ਕਿ ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਨੇ 1 ਜੂਨ ਨੂੰ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਲਿਖਤੀ ਮੰਗ ਪੱਤਰ ਭੇਜ ਕੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਐਲਾਨਣ ਦੀ ਮੰਗ ਕੀਤੀ ਸੀ। ਸੰਗਠਨ ਦੀ ਇਸ ਬੇਨਤੀ ਨੂੰ ਸਵੀਕਾਰ ਕਰਦਿਆਂ ਪ੍ਰਸ਼ਾਸਨ ਨੇ ਅੱਜ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਇਸ ਫੈਸਲੇ ਦੇ ਤਹਿਤ 18 ਜੂਨ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਣ ਵਾਲੀਆਂ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ।