ਗੁਲਜ਼ਾਰ ਖ਼ੁਦਕੁਸ਼ੀ ਮਾਮਲਾ ਭਖਿਆ, ਅੱਜ ਚੰਡੀਗੜ੍ਹ ’ਚ ਕਾਂਗਰਸ ਦਾ ਰੋਸ ਮੁਜ਼ਾਹਰਾ

Chandigarh Congress Protest: ਗੁਲਜ਼ਾਰ ਸਿੰਘ ਮਾਮਲੇ ’ਚ ਅੱਜ ਚੰਡੀਗੜ੍ਹ ’ਚ ਕਾਂਗਰਸ ਦਾ ਰੋਸ ਪ੍ਰਦਰਸ਼ਨ

ਚੰਡੀਗੜ੍ਹ: ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਅੱਜ, 15 ਸਤੰਬਰ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ, ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਸੀਨੀਅਰ ਆਗੂ ਅਤੇ ਵਰਕਰ ਸ਼ਾਮਲ ਹੋਣਗੇ।

ਕਾਂਗਰਸ ਵੱਲੋਂ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਮਾਰਚ ਕੱਢ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਗਈ ਹੈ। ਪਾਰਟੀ ਵੱਲੋਂ ਇਹ ਪ੍ਰਦਰਸ਼ਨ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਪੁਲੀਸ ਨੇ ਵਧਾਈ ਸੁਰੱਖਿਆ

ਕਾਂਗਰਸ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਟਰੈਫ਼ਿਕ ਪੁਲੀਸ ਵੱਲੋਂ ਵੀ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੁਲੀਸ ਮੁਤਾਬਕ ਪ੍ਰਦਰਸ਼ਨ ਕਾਰਨ ਦੁਪਹਿਰ ਸਮੇਂ ਸ਼ਹਿਰ ਦੇ ਕੁਝ ਪ੍ਰਮੁੱਖ ਰਸਤਿਆਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

ਟਰੈਫ਼ਿਕ ਪੁਲੀਸ ਦੇ ਬੁਲਾਰੇ ਅਨੁਸਾਰ 15 ਸਤੰਬਰ ਨੂੰ ਸਵੇਰੇ 11:30 ਵਜੇ ਸੈਕਟਰ-15 ਅਤੇ 16 ਦੇ ਲਾਈਟ ਪੁਆਇੰਟ ਤੋਂ ਸੈਕਟਰ-16 ਹਸਪਤਾਲ ਚੌਕ ਤੱਕ ਅਤੇ ਮੱਧ ਮਾਰਗ ’ਤੇ ਸੈਕਟਰ-16 ਹਸਪਤਾਲ ਚੌਕ ਤੋਂ ਪੀਜੀਆਈ ਤੱਕ ਆਵਾਜਾਈ ਬੰਦ ਰੱਖੀ ਜਾਵੇਗੀ। ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।

ਵੱਡੇ ਇਕੱਠ ਦੀ ਤਿਆਰੀ

ਸੂਤਰਾਂ ਅਨੁਸਾਰ ਕਾਂਗਰਸ ਵੱਲੋਂ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਕੱਠਾ ਕਰਨ ਦੀ ਤਿਆਰੀ ਕੀਤੀ ਗਈ ਹੈ। ਪਾਰਟੀ ਵੱਲੋਂ ਇਸ ਪ੍ਰਦਰਸ਼ਨ ਨੂੰ ਗੁਲਜ਼ਾਰ ਸਿੰਘ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਉਣ ਦੇ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ।

ਪ੍ਰਦਰਸ਼ਨ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਤਣਾਅ ਪੈਦਾ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲੀਸ ਵੱਲੋਂ ਵੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।