ਗੁਲਜ਼ਾਰ ਖੁਦਕੁਸ਼ੀ ਮਾਮਲਾ: ਮੁੱਖ ਜਸਟਿਸ ਵੱਲੋਂ ਜਾਂਚ ’ਤੇ ਸਖ਼ਤ ਨਜ਼ਰ

Gulzar Suicide Case: ਹਾਈ ਕੋਰਟ ਦੇ ਮੁੱਖ ਜਸਟਿਸ ਨੇ ਨਿਰਪੱਖ ਜਾਂਚ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ/ਸੰਗਰੂਰ: ਦਿੜ੍ਹਬਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਪੁਲੀਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਪੂਰੀ ਨਿਰਪੱਖਤਾ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮਾਮਲੇ ਸਬੰਧੀ ਵਿਸਥਾਰਪੂਰਵਕ ਸਟੇਟਸ ਰਿਪੋਰਟ ਵੀ ਤਲਬ ਕੀਤੀ ਗਈ ਹੈ।

ਡੀਐੱਸਪੀ ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈ ਕੋਰਟ ਵੱਲੋਂ ਜਾਂਚ ਦੀ ਪ੍ਰਗਤੀ ਬਾਰੇ ਰਿਪੋਰਟ ਮੰਗੀ ਗਈ ਹੈ ਅਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਤੱਥਾਂ ਅਧਾਰਿਤ ਜਾਂਚ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਇਸ ਸਮੇਂ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਰ ਰਹੀ ਹੈ। ਜਾਂਚ ਜਾਰੀ ਹੋਣ ਕਾਰਨ ਇਸ ਨਾਲ ਸਬੰਧਤ ਵੇਰਵੇ ਜਨਤਕ ਨਹੀਂ ਕੀਤੇ ਜਾ ਸਕਦੇ।

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਹਲਕੇ ਅਧੀਨ ਪੈਂਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। ਪਰਿਵਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ ਪਿੰਡ ਪੰਚਾਇਤ ਦੇ ਦਬਾਅ ਹੇਠ ਸੀ। ਇਹ ਵੀ ਸਾਹਮਣੇ ਆਇਆ ਸੀ ਕਿ ਗੁਲਜ਼ਾਰ ਸਿੰਘ ਨੇ ਇੱਕ ਸਰਕਾਰੀ ਸਮਾਗਮ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਉਠਾਇਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ।

ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਐੱਸਆਈਟੀ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਣਕਾਰੀ ਇਕੱਠੀ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।