ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਜਸਵੀਰ ਸਿੰਘ ਗੜ੍ਹੀ ਨੇ ਸਭ ਨੂੰ ਚੌਂਕਾਇਆ

ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਹਟੇ ਜਸਵੀਰ ਸਿੰਘ ਗੜ੍ਹੀ, ‘ਆਪ’ ਨੇ ਸੌਂਪੀ ਨਵੀਂ ਸਿਆਸੀ ਜ਼ਿੰਮੇਵਾਰੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਇਸ ਨਿਯੁਕਤੀ ‘ਤੇ ਸਵਾਲ ਖੜ੍ਹੇ ਕੀਤੇ ਸਨ ਕਿ ਇੱਕ ਸੰਵਿਧਾਨਕ ਅਹੁਦੇ ‘ਤੇ ਬੈਠਾ ਵਿਅਕਤੀ ਸਿਆਸੀ ਜ਼ਿੰਮੇਵਾਰੀ ਕਿਵੇਂ ਨਿਭਾ ਸਕਦਾ ਹੈ।

ਇਸ ਸਬੰਧੀ ਜਸਵੀਰ ਸਿੰਘ ਗੜ੍ਹੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 26 ਅਗਸਤ ਨੂੰ ਹੀ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਹੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਦੱਸਿਆ ਕਿ ਹੁਣ ਉਹ ਚਮਕੌਰ ਸਾਹਿਬ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ।

ਗੌਰਤਲਬ ਹੈ ਕਿ ਗੜ੍ਹੀ ਨੂੰ 7 ਮਾਰਚ 2025 ਨੂੰ ਐੱਸ.ਸੀ. ਕਮਿਸ਼ਨ ਦੀ ਚੇਅਰਮੈਨੀ ਸੌਂਪੀ ਗਈ ਸੀ। ਉਨ੍ਹਾਂ ਦੀ ਨਵੀਂ ਨਿਯੁਕਤੀ ਨਾਲ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੇ ਭਵਿੱਖ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਜਸਵੀਰ ਸਿੰਘ ਗੜ੍ਹੀ ਲੰਬੇ ਸਮੇਂ ਤੱਕ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਰਹੇ ਅਤੇ ਕਰੀਬ ਛੇ ਸਾਲ ਤੱਕ ਪਾਰਟੀ ਦੇ ਪ੍ਰਧਾਨ ਵੀ ਰਹੇ। ਨਵੰਬਰ 2024 ਵਿੱਚ ਬਸਪਾ ਤੋਂ ਵੱਖ ਹੋਣ ਮਗਰੋਂ ਉਨ੍ਹਾਂ ਨੇ 1 ਜਨਵਰੀ 2025 ਨੂੰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ।

ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਗੜ੍ਹੀ ਕਈ ਮਾਮਲਿਆਂ ਕਾਰਨ ਚਰਚਾ ਅਤੇ ਵਿਵਾਦਾਂ ਵਿੱਚ ਰਹੇ। ਉਨ੍ਹਾਂ ਨੇ ਵੱਖ-ਵੱਖ ਸਿਆਸੀ ਆਗੂਆਂ ਨੂੰ ਨੋਟਿਸ ਅਤੇ ਸੰਮਨ ਜਾਰੀ ਕੀਤੇ, ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੇ ਮਾਮਲੇ ਵੀ ਸ਼ਾਮਲ ਰਹੇ।

ਇਸ ਤੋਂ ਇਲਾਵਾ ਬਰਨਾਲਾ ਵਿੱਚ ਸਫ਼ਾਈ ਸੇਵਕਾਂ ਨਾਲ ਹੋਈ ਕਥਿਤ ਧੱਕੇਸ਼ਾਹੀ ਦੇ ਮਾਮਲੇ ‘ਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਵੀ ਵਿਰੋਧੀਆਂ ਨੇ ਸਵਾਲ ਉਠਾਏ ਸਨ। ਬਾਅਦ ਵਿੱਚ ਗੜ੍ਹੀ ਨੇ ਬਰਨਾਲਾ ਦਾ ਦੌਰਾ ਕਰਕੇ ਪ੍ਰਭਾਵਿਤ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਸੀ। ਆਪਣੇ ਕਾਰਜਕਾਲ ਦੌਰਾਨ ਲਏ ਕੁਝ ਫ਼ੈਸਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਚਰਚਾ ਹੋਈ। ਇਸ ਤਰ੍ਹਾਂ ਜਸਵੀਰ ਸਿੰਘ ਗੜ੍ਹੀ ਦਾ ਚੇਅਰਮੈਨ ਵਜੋਂ ਕਾਰਜਕਾਲ ਸਿਆਸੀ ਅਤੇ ਪ੍ਰਸ਼ਾਸਕੀ ਦੋਹਾਂ ਪੱਖਾਂ ਤੋਂ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਰਿਹਾ।