ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ !

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਦਿੱਲੀ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ। ਸਰਕਾਰ ਨੇ ਦਲੀਲ ਦਿੱਤੀ ਕਿ ਹਵਾਰਾ ਪਹਿਲਾਂ ਪੰਜਾਬ ਦੀ ਜੇਲ੍ਹ ਤੋਂ ਫ਼ਰਾਰ ਹੋ ਚੁੱਕਾ ਹੈ, ਜਿਸ ਕਾਰਨ ਉਸ ਨੂੰ ਤਿਹਾੜ ਜੇਲ੍ਹ ਵਿੱਚ ਰੱਖਣਾ ਜ਼ਿਆਦਾ ਉਚਿਤ ਹੈ।

ਹਵਾਰਾ 1995 ਵਿੱਚ ਹੋਏ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਦੂਜੇ ਪਾਸੇ, ਹਵਾਰਾ ਨੇ ਪੰਜਾਬ ਦੀ ਜੇਲ੍ਹ ਵਿੱਚ ਤਬਦੀਲੀ ਦੀ ਮੰਗ ਕਰਦਿਆਂ ਜੇਲ੍ਹ ਅੰਦਰ ਆਪਣੇ ਚੰਗੇ ਆਚਰਨ ਅਤੇ ਪਰਿਵਾਰਕ ਕਾਰਨਾਂ ਨੂੰ ਆਧਾਰ ਬਣਾਇਆ ਹੈ।

ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇਸ ਮਾਮਲੇ ਨਾਲ ਸਬੰਧਤ ਕੁਝ ਹੋਰ ਸਹਿ-ਦੋਸ਼ੀ ਬੰਦ ਹਨ ਅਤੇ ਉਸ ਨੂੰ ਪੰਜਾਬ ਤਬਦੀਲ ਕਰਨ ਦੀ ਸਿਫ਼ਾਰਸ਼ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ। ਹਵਾਰਾ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਉਸ ਖ਼ਿਲਾਫ਼ ਕੋਈ ਮਾਮਲਾ ਲੰਬਿਤ ਨਹੀਂ ਹੈ।

ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਤੈਅ ਕਰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਅਗਲੀ ਸੁਣਵਾਈ ਤੋਂ ਬਾਅਦ ਹੀ ਇਸ ਪਟੀਸ਼ਨ ’ਤੇ ਅਦਾਲਤ ਦੀ ਅਗਲੀ ਕਾਰਵਾਈ ਅਤੇ ਫ਼ੈਸਲੇ ਦੀ ਦਿਸ਼ਾ ਸਪੱਸ਼ਟ ਹੋਵੇਗੀ।