ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ, ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕੀਤੀ ਅਪੀਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਪਹੁੰਚੇ ਸਿੱਖ ਜਥੇ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਅਰਦਾਸ ਕੀਤੀ। ਉਨ੍ਹਾਂ ਨੇ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਨਤਮਸਤਕ ਹੋ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਸ ਧਾਰਮਿਕ ਲਾਂਘੇ ਨੂੰ ਸਥਾਈ ਤੌਰ ’ਤੇ ਖੋਲ੍ਹਣ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਅਪਰੇਸ਼ਨ ਸਿੰਦੂਰ ਤੋਂ ਬਾਅਦ 7 ਮਈ 2025 ਤੋਂ ਕਰਤਾਰਪੁਰ ਲਾਂਘੇ ਨੂੰ ਅਗਲੇ ਹੁਕਮਾਂ ਤੱਕ ਬੰਦ ਕੀਤਾ ਹੋਇਆ ਹੈ। ਇਸ ਫ਼ੈਸਲੇ ਦਾ ਸਿੱਖ ਜਥੇਬੰਦੀਆਂ ਅਤੇ ਕਈ ਧਾਰਮਿਕ ਸੰਸਥਾਵਾਂ ਵੱਲੋਂ ਵਿਰੋਧ ਕੀਤਾ ਜਾਂਦਾ ਰਿਹਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੂੰ ਆਪਸ ਵਿੱਚ ਜੋੜਨ ਵਾਲਾ ਇਹ ਪਵਿੱਤਰ ਲਾਂਘਾ ਹਮੇਸ਼ਾ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਭਾਰਤ ਤੋਂ ਆਉਣ ਵਾਲੀ ਸਿੱਖ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਨੇ ਅਰਦਾਸ ਕੀਤੀ ਕਿ ਕਰਤਾਰਪੁਰ ਲਾਂਘਾ ਸਦਾ ਖੁੱਲ੍ਹਾ ਰਹੇ ਅਤੇ ਸੰਗਤ ਲਈ ਆਉਣ-ਜਾਣ ਦਾ ਰਾਹ ਸੁਖਾਲਾ ਬਣਿਆ ਰਹੇ।
ਗੁਰੂ ਨਾਨਕ ਦੇਵ ਜੀ ਨਾਲ ਜੁੜੀ ਪਵਿੱਤਰ ਧਰਤੀ
ਜਥੇਦਾਰ ਨੇ ਕਰਤਾਰਪੁਰ ਸਾਹਿਬ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਲਗਪਗ 18 ਸਾਲ ਇਸ ਪਵਿੱਤਰ ਧਰਤੀ ’ਤੇ ਬਿਤਾਏ ਸਨ। ਇੱਥੇ ਉਨ੍ਹਾਂ ਨੇ ਖ਼ੁਦ ਖੇਤੀ ਕਰਕੇ ਸੰਗਤ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਮਹਾਨ ਸੰਦੇਸ਼ ਦਿੱਤਾ ਅਤੇ ਲੰਗਰ ਦੀ ਪਰੰਪਰਾ ਨੂੰ ਅੱਗੇ ਵਧਾਇਆ।
ਇਸੇ ਪਵਿੱਤਰ ਅਸਥਾਨ ’ਤੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਸਾਹਿਬ ਨੇ ਭਾਈ ਲਹਿਣਾ ਜੀ ਨੂੰ ਗੁਰਗੱਦੀ ਸੌਂਪ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਵਜੋਂ ਸਥਾਪਿਤ ਕੀਤਾ ਸੀ।
ਸਤੰਬਰ ਵਿੱਚ ਜਥੇ ਨੂੰ ਜ਼ੀਰੋ ਲਾਈਨ ’ਤੇ ਜਾਣ ਤੋਂ ਰੋਕਿਆ ਗਿਆ ਸੀ
ਇਸ ਤੋਂ ਪਹਿਲਾਂ ਸਤੰਬਰ ਮਹੀਨੇ ਦੌਰਾਨ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੇ ਵਫ਼ਦ ਨੂੰ ਡੇਰਾ ਬਾਬਾ ਨਾਨਕ ਤੋਂ ਜ਼ੀਰੋ ਲਾਈਨ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਉੱਥੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਦੀ ਅਗਵਾਈ ਹੇਠ ਨਗਰ ਕੀਰਤਨ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸਾਂਝੀ ਅਰਦਾਸ ਕੀਤੀ ਜਾਣੀ ਸੀ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਕਰਤਾਰਪੁਰ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਲ ਜੋੜਦਾ ਹੈ। ਇਸ ਵੀਜ਼ਾ-ਮੁਕਤ ਲਾਂਘੇ ਦਾ ਉਦਘਾਟਨ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਸੀ। ਲਾਂਘਾ ਬੰਦ ਹੋਣ ਕਾਰਨ ਸਿੱਖ ਸੰਗਤ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਮੁੜ ਖੁੱਲ੍ਹਣ ਦੀ ਉਡੀਕ ਹੈ।








