ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜਲਾਲ ਵਿੱਚ ਸੋਮਵਾਰ ਨੂੰ ਆਵਾਰਾ ਕੁੱਤਿਆਂ ਦੇ ਝੁੰਡ ਨੇ ਅੱਠ ਸਾਲਾ ਬੱਚੇ ’ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਬੱਚਾ ਸਕੂਲ ਜਾ ਰਿਹਾ ਸੀ ਕਿ ਰਸਤੇ ਵਿੱਚ ਕੁੱਤਿਆਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਾਨ ਬਚਾਉਣ ਲਈ ਉਹ ਪਿੰਡ ਦੇ ਇੱਕ ਖਾਲੀ ਮੈਦਾਨ ਵੱਲ ਭੱਜਿਆ, ਜਿੱਥੇ ਕੁੱਤਿਆਂ ਨੇ ਉਸ ਨੂੰ ਘੇਰ ਕੇ ਬੁਰੀ ਤਰ੍ਹਾਂ ਨੋਚ ਦਿੱਤਾ।
ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ। ਉਸ ਦੀਆਂ ਤਿੰਨ ਭੈਣਾਂ ਹਨ। ਪਰਿਵਾਰ ਦੇ ਇੱਕ ਜਾਣਕਾਰ ਨੇ ਦੱਸਿਆ ਕਿ ਸਕੂਲ ਜਾਂਦੇ ਸਮੇਂ ਕੁੱਤਿਆਂ ਨੇ ਬੱਚੇ ਦਾ ਪਿੱਛਾ ਕੀਤਾ ਸੀ। ਜਾਨ ਬਚਾਉਣ ਦੀ ਕੋਸ਼ਿਸ਼ ਵਿੱਚ ਉਹ ਮੈਦਾਨ ਵੱਲ ਦੌੜਿਆ, ਪਰ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਕੁਝ ਬੱਚੇ ਖੇਡਣ ਲਈ ਮੈਦਾਨ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਰਣਜੀਤ ਦੀ ਲਾਸ਼ ਦੇਖੀ। ਉਨ੍ਹਾਂ ਨੇ ਤੁਰੰਤ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ ’ਤੇ ਪਹੁੰਚੇ ਤਾਂ ਬੱਚੇ ਦੇ ਸਿਰ ਅਤੇ ਲੱਤਾਂ ’ਤੇ ਗੰਭੀਰ ਜ਼ਖ਼ਮ ਸਨ। ਦੱਸਿਆ ਜਾ ਰਿਹਾ ਹੈ ਕਿ ਕੁੱਤਿਆਂ ਨੇ ਉਸ ਦਾ ਸੱਜਾ ਕੰਨ ਵੀ ਵੱਢ ਦਿੱਤਾ ਸੀ।
ਏ.ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਇਸ ਘਟਨਾ ਨੇ ਪੇਂਡੂ ਖੇਤਰਾਂ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਹਮਲਿਆਂ ਅਤੇ ਉਨ੍ਹਾਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ’ਤੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।








