ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਨਹੀਂ ਹੋ ਸਕੇ ਅੰਮ੍ਰਿਤਪਾਲ ਸਿੰਘ, ਕਸਟਡੀ ਪੈਰੋਲ ਦੇ ਬਾਵਜੂਦ ਪੰਜਾਬ ਨਾ ਪਹੁੰਚੇ

ਕਸਟਡੀ ਪੈਰੋਲ ਮਿਲਣ ਦੇ ਬਾਵਜੂਦ ਪੰਜਾਬ ਨਹੀਂ ਪਹੁੰਚ ਸਕੇ ਅੰਮ੍ਰਿਤਪਾਲ ਸਿੰਘ, ਦਾਦੀ ਦਾ ਅੰਤਿਮ ਸਸਕਾਰ ਮੁਲਤਵੀ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਅਦਾਲਤ ਵੱਲੋਂ ਕਸਟਡੀ ਪੈਰੋਲ ਦੀ ਮਨਜ਼ੂਰੀ ਮਿਲਣ ਦੇ ਬਾਵਜੂਦ ਸ਼ਨਿੱਚਰਵਾਰ ਨੂੰ ਪੰਜਾਬ ਨਹੀਂ ਲਿਆਂਦਾ ਜਾ ਸਕਿਆ। ਇਸ ਕਾਰਨ ਪਰਿਵਾਰ ਨੇ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਹੈ। ਹੁਣ ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੈਰੋਲ ਦੀ ਨਵੀਂ ਤਰੀਕ ਨਿਰਧਾਰਤ ਕਰਨ ਸਬੰਧੀ ਸੋਮਵਾਰ ਨੂੰ ਅਦਾਲਤ ਵਿੱਚ ਮੁੜ ਅਰਜ਼ੀ ਦਾਇਰ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਵੱਲੋਂ 11 ਨਵੰਬਰ ਨੂੰ ਅਦਾਲਤ ਵਿੱਚ ਕਸਟਡੀ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ 13 ਨਵੰਬਰ ਨੂੰ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ 14 ਨਵੰਬਰ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਦਿੱਤੀ ਸੀ।

ਅਦਾਲਤੀ ਹੁਕਮਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਮਾਤਾ ਚਰਨ ਕੌਰ ਦੇ ਦੋਹਤੇ ਸੁਖਮਨਪ੍ਰੀਤ ਸਿੰਘ ਨੂੰ ਵੀ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਸਬੰਧੀ ਵਿਵਸਥਾ ਕੀਤੀ ਗਈ ਸੀ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਹੁਕਮ ਜਾਰੀ ਹੋਣ ਅਤੇ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਨਿਰਧਾਰਤ ਤਰੀਕ ਵਿਚਾਲੇ ਬਹੁਤ ਘੱਟ ਸਮਾਂ ਹੋਣ ਕਾਰਨ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਸਮਾਂ ਪੂਰੀਆਂ ਨਹੀਂ ਹੋ ਸਕੀਆਂ। ਇਸੇ ਕਾਰਨ ਉਹ ਸ਼ਨਿੱਚਰਵਾਰ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਨਹੀਂ ਪਹੁੰਚ ਸਕੇ।

ਸ਼ਮਸ਼ੇਰ ਸਿੰਘ ਪੱਧਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਤਰੀਕ ਵਿੱਚ ਤਬਦੀਲੀ ਕਰਵਾਉਣ ਲਈ ਪਾਰਟੀ ਦੀ ਕਾਨੂੰਨੀ ਟੀਮ ਵੱਲੋਂ ਸ਼ਨਿੱਚਰਵਾਰ ਨੂੰ ਵੀ ਯਤਨ ਕੀਤੇ ਗਏ। ਇਸ ਟੀਮ ਵਿੱਚ ਐਡਵੋਕੇਟ ਹਰਜੋਤ ਸਿੰਘ ਮਾਨ, ਐਡਵੋਕੇਟ ਕਰਮਵੀਰ ਸਿੰਘ, ਐਡਵੋਕੇਟ ਰੀਤੂ ਰਾਜ ਅਤੇ ਐਡਵੋਕੇਟ ਕੁਲਜੀਤ ਸਿੰਘ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਵਕੀਲਾਂ ਨੇ ਪੈਰੋਲ ਸਬੰਧੀ ਅਦਾਲਤੀ ਹੁਕਮਾਂ ਵਿੱਚ ਸੋਧ ਕਰਵਾਉਣ ਲਈ ਪਹਿਲਾਂ ਸਬੰਧਤ ਡਿਊਟੀ ਮੈਜਿਸਟ੍ਰੇਟ ਦੀ ਰਿਹਾਇਸ਼ ’ਤੇ ਪਹੁੰਚ ਕਰਕੇ ਅਰਜ਼ੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ, ਪਰ ਉੱਥੇ ਅਰਜ਼ੀ ਸਵੀਕਾਰ ਨਹੀਂ ਕੀਤੀ ਗਈ। ਇਸ ਤੋਂ ਬਾਅਦ ਕਾਨੂੰਨੀ ਟੀਮ ਨੇ ਦੂਜੇ ਡਿਊਟੀ ਮੈਜਿਸਟ੍ਰੇਟ ਕੋਲ ਵੀ ਪਹੁੰਚ ਕੀਤੀ, ਪਰ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਵਕੀਲਾਂ ਵੱਲੋਂ ਸੈਸ਼ਨ ਜੱਜ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਉਨ੍ਹਾਂ ਦੇ ਉਪਲਬਧ ਨਾ ਹੋਣ ਕਾਰਨ ਅਗਲੀ ਕਾਰਵਾਈ ਨਹੀਂ ਹੋ ਸਕੀ।

ਹੁਣ ਪਾਰਟੀ ਦੀ ਕਾਨੂੰਨੀ ਟੀਮ ਵੱਲੋਂ ਸੋਮਵਾਰ ਨੂੰ ਅਦਾਲਤਾਂ ਦਾ ਕੰਮਕਾਜ ਮੁੜ ਸ਼ੁਰੂ ਹੋਣ ’ਤੇ ਨਵੀਂ ਅਰਜ਼ੀ ਦਾਇਰ ਕੀਤੀ ਜਾਵੇਗੀ। ਇਸ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਕਸਟਡੀ ਪੈਰੋਲ ਦੀ ਨਵੀਂ ਤਰੀਕ ਦੇਣ ਦੀ ਮੰਗ ਕੀਤੀ ਜਾਵੇਗੀ।

ਪਾਰਟੀ ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਾਨੂੰਨੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ ਅਤੇ ਲੋੜ ਪੈਣ ’ਤੇ ਅਦਾਲਤ ਅੱਗੇ ਮੁੜ ਆਪਣਾ ਪੱਖ ਰੱਖਿਆ ਜਾਵੇਗਾ।

ਇਸ ਦੌਰਾਨ ਪਾਰਟੀ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਮਿਲੀ ਕਸਟਡੀ ਪੈਰੋਲ ਤਹਿਤ ਸ਼ਨਿੱਚਰਵਾਰ ਦੁਪਹਿਰ ਪੁਲੀਸ ਸੁਰੱਖਿਆ ਹੇਠ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਲਿਆਂਦਾ ਗਿਆ ਸੀ। ਕੁਝ ਸਮਾਂ ਪਰਿਵਾਰਕ ਮੈਂਬਰਾਂ ਨਾਲ ਬਿਤਾਉਣ ਤੋਂ ਬਾਅਦ ਪੁਲੀਸ ਉਨ੍ਹਾਂ ਨੂੰ ਵਾਪਸ ਲੈ ਗਈ।

ਪਰਿਵਾਰ ਵੱਲੋਂ ਸ਼ਨਿੱਚਰਵਾਰ ਨੂੰ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਗਿਆ। ਸੂਤਰਾਂ ਅਨੁਸਾਰ ਸਸਕਾਰ ਦੀ ਅਗਲੀ ਤਰੀਕ ਬਾਰੇ ਫ਼ੈਸਲਾ ਸੋਮਵਾਰ ਨੂੰ ਹੋਣ ਵਾਲੀ ਕਾਨੂੰਨੀ ਕਾਰਵਾਈ ਤੋਂ ਬਾਅਦ ਹੀ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਪਰਿਵਾਰ ਅਤੇ ਪਾਰਟੀ ਆਗੂਆਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਦਾਲਤੀ ਇਜਾਜ਼ਤ ਅਤੇ ਲੋੜੀਂਦੀਆਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰਕੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਇਆ ਜਾ ਸਕੇ।