Raghav Chadha SIR: ਦਿੱਲੀ ਵਿੱਚ ਚੱਲ ਰਹੀ ਵਿਸ਼ੇਸ਼ ਸੰਖੇਪ ਪੁਨਰੀਖਣ (SIR) ਪ੍ਰਕਿਰਿਆ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਦਿੱਲੀ ਦੀ ਵੋਟਰ ਸੂਚੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਚੋਣ ਅਧਿਕਾਰੀਆਂ ਮੁਤਾਬਕ ਉਨ੍ਹਾਂ ਦਾ ਨਾਂ ਪਹਿਲਾਂ ਪੰਜਾਬ ਦੀ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਸੀ, ਕਿਉਂਕਿ ਉਹ ਉੱਥੋਂ ਰਾਜ ਸਭਾ ਲਈ ਚੁਣੇ ਗਏ ਸਨ।
ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੋਸ਼ ਲਗਾਇਆ ਕਿ ਰਾਘਵ ਚੱਢਾ ਦਾ ਨਾਂ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਨਿਯਮਾਂ ਦੀ ਪੂਰੀ ਪਾਲਣਾ ਤੋਂ ਬਿਨਾਂ ਸ਼ਾਮਲ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਤੱਕ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿੱਚ ਵੋਟਰ ਸੂਚੀ ਵਿੱਚ ਨਵੇਂ ਨਾਂ ਜੋੜਨ ਲਈ ਕਰੀਬ 700 ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਰਾਘਵ ਚੱਢਾ ਦਾ ਨਾਂ ਵੀ ਸ਼ਾਮਲ ਹੈ।
ਚੋਣ ਅਧਿਕਾਰੀਆਂ ਅਨੁਸਾਰ 16 ਜੂਨ ਨੂੰ ਐੱਸਆਈਆਰ ਪ੍ਰਕਿਰਿਆ ਲਈ ਵੋਟਰ ਸੂਚੀ ਨੂੰ ਫ੍ਰੀਜ਼ ਕਰ ਦਿੱਤਾ ਗਿਆ ਸੀ ਅਤੇ 31 ਅਗਸਤ ਨੂੰ ਮਸੌਦਾ ਸੂਚੀ ਜਾਰੀ ਹੋਣ ਤੱਕ ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਅਰਸੇ ਦੌਰਾਨ ਨਵੇਂ ਵੋਟਰਾਂ ਵੱਲੋਂ ਲਗਭਗ 2.14 ਲੱਖ ਫਾਰਮ-6 ਜਮ੍ਹਾਂ ਕਰਵਾਏ ਗਏ। ਇਸ ਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ 7 ਸਤੰਬਰ ਤੱਕ ਹੋਰ 25,011 ਫਾਰਮ ਪ੍ਰਾਪਤ ਹੋਏ, ਜਿਨ੍ਹਾਂ ਦੇ ਆਧਾਰ ’ਤੇ ਪੂਰਕ ਸੂਚੀ 4 ਨਵੰਬਰ ਨੂੰ ਜਾਰੀ ਕੀਤੀ ਜਾਵੇਗੀ।
ਦੂਜੇ ਪਾਸੇ, ‘ਆਪ’ ਦੇ ਦਿੱਲੀ ਪ੍ਰਧਾਨ ਸੌਰਭ ਭਾਰਦਵਾਜ ਨੇ ਸਵਾਲ ਉਠਾਇਆ ਕਿ ਜਦੋਂ 31 ਅਗਸਤ ਦੀ ਮਸੌਦਾ ਸੂਚੀ ਵਿੱਚ ਉਸ ਪੋਲਿੰਗ ਖੇਤਰ ਵਿੱਚ 746 ਵੋਟਰ ਦਰਜ ਸਨ ਤਾਂ ਰਾਘਵ ਚੱਢਾ ਦਾ ਨਾਂ 747ਵੇਂ ਵੋਟਰ ਵਜੋਂ ਕਿਵੇਂ ਸ਼ਾਮਲ ਹੋ ਗਿਆ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।
ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਚੋਣ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਆਪਣਾ ਨਾਂ ਦਰਜ ਕਰਵਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀ ਪਾਰਟੀ ਛੱਡਣ ਤੋਂ ਬਾਅਦ ਕੁਝ ਆਗੂ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਪਾ ਰਹੇ ਅਤੇ ਬੇਲੋੜੇ ਇਲਜ਼ਾਮ ਲਗਾ ਰਹੇ ਹਨ।







