Xi Jinping India Visit: ਸੱਤ ਸਾਲਾਂ ਬਾਅਦ ਭਾਰਤ ਆਉਣਗੇ ਸ਼ੀ ਜਿਨਪਿੰਗ, ਮੋਦੀ ਨਾਲ ਹੋਵੇਗੀ ਦੁਵੱਲੀ ਗੱਲਬਾਤ
ਨਵੀਂ ਦਿੱਲੀ: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 12-13 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ 18ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਪਹੁੰਚ ਰਹੇ ਹਨ। ਲਗਭਗ ਸੱਤ ਸਾਲਾਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਪਹਿਲਾ ਦੌਰਾ ਹੋਵੇਗਾ। ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੀ ਜਿਨਪਿੰਗ ਵਿਚਕਾਰ ਦੁਵੱਲੀ ਬੈਠਕ ਹੋਣ ਦੀ ਵੀ ਸੰਭਾਵਨਾ ਹੈ।
ਚੀਨ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਸ਼ੀ ਜਿਨਪਿੰਗ ਦੀ ਭਾਰਤ ਯਾਤਰਾ ਦੀ ਪੁਸ਼ਟੀ ਕੀਤੀ। ਮੰਤਰਾਲੇ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਚੀਨੀ ਰਾਸ਼ਟਰਪਤੀ 12 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣਗੇ।
ਸ਼ੀ ਜਿਨਪਿੰਗ ਦਾ ਭਾਰਤ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ 2020 ਵਿੱਚ ਗਲਵਾਨ ਘਾਟੀ ਵਿੱਚ ਹੋਈ ਹਿੰਸਕ ਝੜਪ ਤੋਂ ਬਾਅਦ ਦੋਵੇਂ ਦੇਸ਼ ਆਪਣੇ ਸਬੰਧਾਂ ਨੂੰ ਮੁੜ ਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤ ਲਗਾਤਾਰ ਇਹ ਰੁਖ਼ ਦੋਹਰਾਉਂਦਾ ਰਿਹਾ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਸ਼ਾਂਤੀ ਅਤੇ ਸਥਿਰਤਾ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਬੇਹੱਦ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸ਼ੀ ਜਿਨਪਿੰਗ ਵਿਚਕਾਰ ਬਿਸ਼ਕੇਕ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਦੌਰਾਨ ਸੰਖੇਪ ਗੱਲਬਾਤ ਹੋਈ ਸੀ। ਹੁਣ ਦੋਵਾਂ ਆਗੂਆਂ ਵਿਚਕਾਰ ਨਵੀਂ ਦਿੱਲੀ ਵਿੱਚ ਹੋਣ ਵਾਲੀ ਸੰਭਾਵਿਤ ਮੁਲਾਕਾਤ ਨੂੰ ਭਾਰਤ-ਚੀਨ ਸਬੰਧਾਂ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰਿਕਸ ਸੰਮੇਲਨ ਦੇ ਹਾਸ਼ੀਏ ’ਤੇ ਹੋਣ ਵਾਲੀ ਮੋਦੀ-ਸ਼ੀ ਮੁਲਾਕਾਤ ਵਿੱਚ ਸਰਹੱਦੀ ਮਾਮਲਿਆਂ ਤੋਂ ਇਲਾਵਾ ਦੁਵੱਲੇ ਸਬੰਧਾਂ ਨਾਲ ਜੁੜੇ ਹੋਰ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਭਵਿੱਖੀ ਦਿਸ਼ਾ ਨੂੰ ਲੈ ਕੇ ਇਸ ਬੈਠਕ ’ਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।







