ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3 ਹਜ਼ਾਰ ਸ਼ਰਧਾਲੂ ਕਰਨਗੇ ਪਾਕਿਸਤਾਨ ਯਾਤਰਾ
ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ 3,000 ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਦੌਰੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਧਾਰਮਿਕ ਜੱਥਾ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਕਮੇਟੀ ਵੱਲੋਂ 1 ਜੁਲਾਈ 2026 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜਿਆ ਗਿਆ ਸੀ। ਸਰਕਾਰ ਨੇ ਬੇਨਤੀ ਸਵੀਕਾਰ ਕਰਦਿਆਂ ਯਾਤਰਾ ਲਈ ਮਨਜ਼ੂਰੀ ਜਾਰੀ ਕਰ ਦਿੱਤੀ ਹੈ।
10 ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਪਾਕਿਸਤਾਨ ਸਥਿਤ ਪ੍ਰਮੁੱਖ ਗੁਰਧਾਮਾਂ, ਜਿਨ੍ਹਾਂ ਵਿੱਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਸ਼ਾਮਲ ਹਨ, ਦੇ ਦਰਸ਼ਨ ਕਰਨਗੇ।
ਗ੍ਰਹਿ ਮੰਤਰਾਲੇ ਵੱਲੋਂ ਜੱਥੇ ਲਈ ਵੱਖ-ਵੱਖ ਰਾਜਾਂ ਅਤੇ ਸੰਸਥਾਵਾਂ ਅਨੁਸਾਰ ਕੋਟਾ ਵੀ ਨਿਰਧਾਰਤ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਤੋਂ 1,800, ਦਿੱਲੀ ਤੋਂ 555, ਹਰਿਆਣਾ ਤੋਂ 200, ਮਹਾਰਾਸ਼ਟਰ ਤੋਂ 90, ਰਾਜਸਥਾਨ ਤੋਂ 50, ਚੰਡੀਗੜ੍ਹ ਤੋਂ 45, ਜੰਮੂ-ਕਸ਼ਮੀਰ ਤੋਂ 40, ਉੱਤਰ ਪ੍ਰਦੇਸ਼ ਤੋਂ 35, ਉੱਤਰਾਖੰਡ ਤੋਂ 25 ਅਤੇ ਹੋਰ ਰਾਜਾਂ ਤੋਂ ਨਿਰਧਾਰਤ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋਣਗੇ।
ਕਮੇਟੀ ਆਗੂਆਂ ਨੇ ਦੱਸਿਆ ਕਿ ਯਾਤਰਾ ਲਈ ਚੁਣੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਉਪਰੰਤ ਗ੍ਰਹਿ ਮੰਤਰਾਲਾ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਪ੍ਰਵਾਨਗੀ ਦੀ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਕੀਤੀ ਜਾ ਸਕੇ।







