ਚੰਡੀਗੜ੍ਹ, 25 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਜਖ਼ਮਾਂ ਨੂੰ ਹੋਰ ਗਹਿਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰਾਂ ਇਸ ਮਾਮਲੇ ’ਤੇ ਦੋਹਰਾ ਮਾਪਦੰਡ ਅਪਣਾ ਰਹੀਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਆਪਣੇ ਪੁੱਤਰ ਨੂੰ ਮਿਲਣ ਦੀ ਆਖ਼ਰੀ ਉਮੀਦ ਨਾਲ ਉਡੀਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹਵਾਰਾ ਦੀ ਪੈਰੋਲ ਲਈ ਕਈ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸਰਕਾਰ ਕੋਲ ਭੇਜੇ ਗਏ ਅਤੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਵੀ ਜ਼ਿੰਮੇਵਾਰੀ ਲੈਣ ਦੀ ਪੇਸ਼ਕਸ਼ ਕੀਤੀ, ਪਰ ਸਰਕਾਰ ਨੇ ਉਨ੍ਹਾਂ ਨੂੰ ਥੋੜ੍ਹੇ ਸਮੇਂ ਦੀ ਪੈਰੋਲ ਦੇਣ ਤੋਂ ਵੀ ਇਨਕਾਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਕੌਮ ਵੱਲੋਂ ਗਵਰਨਰ ਹਾਊਸ ਤੱਕ ਮਾਰਚ ਅਤੇ ਪੰਜਾਬ ਬੰਦ ਵਰਗੇ ਪ੍ਰੋਗਰਾਮ ਕੀਤੇ ਗਏ, ਪਰ ਸਰਕਾਰ ਨੇ ਕੋਈ ਸਕਾਰਾਤਮਕ ਰਵੱਈਆ ਨਹੀਂ ਦਿਖਾਇਆ। ਇਸ ਦੇ ਉਲਟ, ਪ੍ਰਦਰਸ਼ਨਕਾਰੀ ਆਗੂਆਂ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਗਈ ਅਤੇ ਕੇਸ ਦਰਜ ਕੀਤੇ ਗਏ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਬੰਦੀ ਸਿੰਘਾਂ ਨੂੰ ਰਾਹਤ ਨਹੀਂ ਦਿੱਤੀ ਜਾ ਰਹੀ, ਜਦਕਿ ਦੂਜੇ ਪਾਸੇ ਗੰਭੀਰ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ ਤਾਂ ਉਸ ਦੇ ਸਮਰਥਕਾਂ ਵੱਲੋਂ ਕੀਤੀ ਗਈ ਹਿੰਸਾ ਕਾਰਨ ਕਈ ਲੋਕਾਂ ਦੀ ਜਾਨ ਗਈ ਸੀ ਅਤੇ ਕਾਨੂੰਨ-ਵਿਵਸਥਾ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਮ ਰਹੀਮ ਦਾ ਨਾਮ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਘਟਨਾਵਾਂ ਨਾਲ ਜੋੜਿਆ ਜਾਂਦਾ ਰਿਹਾ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਉਸ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦੇਣਾ ਸਿੱਖ ਭਾਵਨਾਵਾਂ ਦੇ ਉਲਟ ਹੈ।
ਆਪਣੇ ਬਿਆਨ ਦੇ ਅੰਤ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਦੁਹਰਾਈ। ਇਹ ਬਿਆਨ ਪਾਰਟੀ ਦੇ ਮੀਡੀਆ ਇੰਚਾਰਜ ਸ. ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।







