ਫਾਜ਼ਿਲਕਾ/ਜਲਾਲਾਬਾਦ : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਜੋ ਪਹਿਲਾਂ ਸੀ.ਆਰ.ਪੀ.ਸੀ. 1973 ਦੀ ਧਾਰਾ 144 ਸੀ) ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਉਣ ਵਾਲੇ ਨਿੱਜੀ ਮਾਲਕੀ ਜਾਂ ਕਬਜ਼ੇ ਵਾਲੇ ਖਾਲੀ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਜਾਂ ਗੰਦੇ ਪਾਣੀ ਦੇ ਇਕੱਠੇ ਹੋਣ ਨੂੰ ਰੋਕਣ ਲਈ ਮਾਲਕਾਂ ਨੂੰ ਤੁਰੰਤ ਸਫਾਈ ਕਰਵਾਉਣੀ ਹੋਵੇਗੀ।
ਉਨ੍ਹਾਂ ਨੇ ਆਦੇਸ਼ ਦਿੱਤਾ ਹੈ ਕਿ ਖਾਲੀ ਪਲਾਟਾਂ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਤਾਰਬੰਦੀ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਉਥੇ ਕੂੜਾ ਨਾ ਪਏ। ਗੰਦਗੀ ਤੇ ਰੁਕਿਆ ਪਾਣੀ ਕਈ ਤਰ੍ਹਾਂ ਦੇ ਹਾਨੀਕਾਰਕ ਜੀਵ ਪੈਦਾ ਕਰਦੇ ਹਨ, ਜੋ ਡੇਂਗੂ, ਮਲੇਰੀਆ, ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਾ ਸਕਦੇ ਹਨ।
ਇਹ ਹੁਕਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਗਏ ਹਨ। ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਆਪਣੇ ਖੇਤਰ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976, ਐਨਵਾਇਰਮੈਂਟ ਪ੍ਰੋਟੈਕਸ਼ਨ ਐਕਟ 1986, ਸੋਲੀਡ ਵੇਸਟ ਮੈਨੇਜਮੈਂਟ ਰੂਲਜ਼ 2016 ਅਤੇ ਪੰਜਾਬ ਪੰਚਾਇਤ ਰਾਜ ਐਕਟ 1994 ਦੇ ਅਧੀਨ ਕੀਤੀ ਜਾਵੇਗੀ।
ਇਹ ਹੁਕਮ 31 ਦਸੰਬਰ ਤੱਕ ਪੂਰੇ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ।






