ਪੰਜਾਬ ਚੋਣਾਂ: ਅੰਮ੍ਰਿਤਪਾਲ ਸਿੰਘ ਦੀ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੂੰ ਚੁਣੌਤੀ, ਚੋਣ ਮੈਦਾਨ ’ਚ ਉਤਰਨਗੇ!

ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਸੀਟਾਂ ਤੋਂ ਲੜ ਸਕਦੇ ਹਨ ਚੋਣ, ਭਗਵੰਤ ਮਾਨ ਤੇ ਸੁਖਬੀਰ ਬਾਦਲ ਨੂੰ ਦੇਣਗੇ ਟੱਕਰ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਚੋਣ ਮੈਦਾਨ ਵਿੱਚ ਉਤਾਰਨ ਦੀ ਸੰਭਾਵਨਾ ਹੈ। ਪਾਰਟੀ ਦੀ ਯੋਜਨਾ ਅਨੁਸਾਰ ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਸਕਦੇ ਹਨ।

ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਹਲਕਾ ਲੰਬੀ ਜਾਂ ਗਿੱਦੜਬਾਹਾ ਤੋਂ ਚੋਣ ਲੜਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਪਿਛਲੇ ਦਿਨਾਂ ਦੌਰਾਨ ਹਲਕਾ ਲੰਬੀ ਵਿੱਚ ਸਰਵੇਖਣ ਵੀ ਕਰਵਾਇਆ ਗਿਆ ਹੈ। ਰਣਨੀਤੀ ਤਹਿਤ ਅੰਮ੍ਰਿਤਪਾਲ ਸਿੰਘ ਉਸੇ ਹਲਕੇ ਤੋਂ ਚੋਣ ਲੜ ਸਕਦੇ ਹਨ, ਜਿੱਥੋਂ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ਵਿੱਚ ਉਤਰਨਗੇ, ਭਾਵੇਂ ਉਹ ਲੰਬੀ ਹੋਵੇ ਜਾਂ ਗਿੱਦੜਬਾਹਾ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਜਿਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ, ਉੱਥੋਂ ਵੀ ਅੰਮ੍ਰਿਤਪਾਲ ਸਿੰਘ ਨੂੰ ਉਮੀਦਵਾਰ ਬਣਾਉਣ ਦੀ ਯੋਜਨਾ ਹੈ।

ਰਾਮਪੁਰਾ ਫੂਲ ਦੀ ਥਾਂ ਨਵੀਂ ਰਣਨੀਤੀ

ਇਸ ਤੋਂ ਪਹਿਲਾਂ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਹਲਕਾ ਰਾਮਪੁਰਾ ਫੂਲ ਤੋਂ ਚੋਣ ਲੜਾਉਣ ਬਾਰੇ ਫ਼ੈਸਲਾ ਕੀਤਾ ਗਿਆ ਸੀ। ਇਸ ਦਾ ਆਧਾਰ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਫ਼ਰੀਦਕੋਟ ਸੰਸਦੀ ਹਲਕੇ ਵਿੱਚ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਮਿਲੀਆਂ ਵੱਡੀ ਗਿਣਤੀ ਵਿੱਚ ਵੋਟਾਂ ਨੂੰ ਮੰਨਿਆ ਜਾ ਰਿਹਾ ਸੀ।

ਹਾਲਾਂਕਿ, ਹੁਣ ਤਾਜ਼ਾ ਮੀਟਿੰਗ ਵਿੱਚ ਰਣਨੀਤੀ ਬਦਲਣ ਬਾਰੇ ਵਿਚਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਰਾਮਪੁਰਾ ਫੂਲ ਦੀ ਬਜਾਏ ਉਸ ਹਲਕੇ ਤੋਂ ਚੋਣ ਲੜਾਉਣ ਦੀ ਯੋਜਨਾ ਹੈ, ਜਿੱਥੋਂ ਮੁੱਖ ਮੰਤਰੀ ਭਗਵੰਤ ਮਾਨ ਚੋਣ ਲੜਨਗੇ। ਉੱਧਰ, ਰਾਮਪੁਰਾ ਫੂਲ ਹਲਕੇ ਤੋਂ ਪਾਰਟੀ ਨੇ ਗਿੱਲ ਰੌਂਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

ਹਾਲਾਂਕਿ, ਇਨ੍ਹਾਂ ਹਲਕਿਆਂ ਤੋਂ ਉਮੀਦਵਾਰਾਂ ਬਾਰੇ ਅੰਤਿਮ ਐਲਾਨ ਹੋਣਾ ਅਜੇ ਬਾਕੀ ਹੈ।