ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਸਰਕਾਰ ਦੇ ਰਵੱਈਏ ਦੀ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਜਾ ਰਹੇ ਕਿਸਾਨਾਂ ਨੂੰ ਰੋਕਣਾ ਲੋਕਤੰਤਰੀ ਹੱਕਾਂ ਦੀ ਉਲੰਘਣਾ ਹੈ ਅਤੇ ਇਹ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ। ਜਿਨ੍ਹਾਂ ਖੇਤਰਾਂ ਵਿੱਚ ਟੋਲ ਪਲਾਜ਼ੇ ਨਹੀਂ ਹਨ, ਉੱਥੇ ਸਰਕਾਰ ਦੇ ਮੁੱਖ ਆਗੂਆਂ ਦੇ ਘਰਾਂ ਅੱਗੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਲੱਖੋਵਾਲ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਦਿੰਦਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਰਸਤੇ ਬੰਦ ਕਰਨਾ ਅਤੇ ਪੁਲਿਸ ਬਲ ਦੀ ਮਦਦ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਲੋਕਤੰਤਰ ਦੀ ਮੂਲ ਭਾਵਨਾ ਦੇ ਖਿਲਾਫ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨਾਲ ਅਪਰਾਧੀਆਂ ਵਰਗਾ ਵਿਵਹਾਰ ਕਰਨਾ ਕਿਸੇ ਵੀ ਸੂਰਤ ਵਿੱਚ ਠੀਕ ਨਹੀਂ ਹੈ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਦਾ ਸਤਿਕਾਰ ਕਰਦਿਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।







