ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਬੰਦ ਹੋਣ ਦੀ ਸੰਭਾਵਨਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਰੋਡਵੇਜ਼ ਕਾਂਟਰੈਕਟ ਵਰਕਰਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 12 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਨਾ ਮੰਨੀਆਂ ਗਈਆਂ ਤਾਂ ਉਹ ਬੁੱਧਵਾਰ ਦੁਪਹਿਰ ਜਾਂ ਵੀਰਵਾਰ ਸਵੇਰ ਤੋਂ ਬੱਸ ਸੇਵਾ ਪੂਰੀ ਤਰ੍ਹਾਂ ਬੰਦ ਕਰ ਦੇਣਗੇ।
ਇਸ ਫ਼ੈਸਲੇ ਕਾਰਨ ਬੱਸਾਂ ਵਿੱਚ ਮੁਫ਼ਤ ਯਾਤਰਾ ਕਰਨ ਵਾਲੀਆਂ ਮਹਿਲਾਵਾਂ ਅਤੇ ਹੋਰ ਸਫ਼ਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਤੁਰੰਤ ਪੂਰਾ ਨਾ ਕੀਤਾ ਤਾਂ ਉਹ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕਰਨਗੇ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਨ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਵਾਰ ਭਰੋਸੇ ਮਿਲਣ ਦੇ ਬਾਵਜੂਦ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਨੇ ਯਾਦ ਦਿਵਾਇਆ ਕਿ ਚੋਣਾਂ ਦੌਰਾਨ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਉਸ ਸਬੰਧੀ ਫ਼ਾਈਲਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ਕਰਨ ’ਤੇ ਮਜਬੂਰ ਹੋਣਗੇ।






