ਜਲੰਧਰ- ਪੰਜਾਬ ਵਿੱਚ ਮਈ ਮਹੀਨੇ ਦੌਰਾਨ ਹੀ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸਵੇਰੇ ਤੋਂ ਹੀ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਦੁਪਹਿਰ ਵੇਲੇ ਸੜਕਾਂ ਸੁੰਨਸਾਨ ਦਿਖਾਈ ਦੇ ਰਹੀਆਂ ਹਨ ਅਤੇ ਬਜ਼ਾਰਾਂ ਸਮੇਤ ਜਨਤਕ ਥਾਵਾਂ ’ਤੇ ਵੀ ਲੋਕਾਂ ਦੀ ਚਲਹ-ਪਹਿਲ ਘੱਟ ਹੋ ਗਈ ਹੈ। ਇਸ ਭਾਰੀ ਗਰਮੀ ਦਾ ਅਸਰ ਆਮ ਜਨਜੀਵਨ ਦੇ ਨਾਲ-ਨਾਲ ਬਿਜਲੀ ਦੀ ਖਪਤ ’ਤੇ ਵੀ ਪੈ ਰਿਹਾ ਹੈ, ਜਿਸ ਕਾਰਨ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ।
ਭਾਰਤ ਮੌਸਮ ਵਿਭਾਗ ਨੇ ਪੰਜਾਬ ਲਈ ਅਗਲੇ ਪੰਜ ਦਿਨਾਂ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅੱਜ ਤੋਂ 25 ਮਈ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹੀਟ ਵੇਵ ਵਰਗੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਹੋਰ ਇਲਾਕਿਆਂ ਵਿੱਚ ਯੈਲੋ ਅਲਰਟ ਲਾਗੂ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਤੌਰ ’ਤੇ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।
ਵਿਭਾਗ ਅਨੁਸਾਰ 24 ਅਤੇ 25 ਮਈ ਨੂੰ ਗਰਮੀ ਦਾ ਪ੍ਰਭਾਵ ਹੋਰ ਤੇਜ਼ ਹੋ ਸਕਦਾ ਹੈ ਅਤੇ ਕੁਝ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਦਰਜ ਹੋ ਸਕਦਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮਾਹਿਰਾਂ ਅਤੇ ਡਾਕਟਰਾਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਿਆ ਜਾਵੇ। ਨਾਲ ਹੀ ਹਲਕੇ ਕੱਪੜੇ ਪਹਿਨਣ, ਪੂਰਾ ਪਾਣੀ ਪੀਣ ਅਤੇ ਧੁੱਪ ਤੋਂ ਬਚਾਅ ਲਈ ਛਤਰੀ ਜਾਂ ਸਿਰ ਢੱਕਣ ਵਾਲੇ ਕੱਪੜੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ।



