ਪੰਜਾਬ ’ਚ ਬਿਜਲੀ ਮੁਲਾਜ਼ਮਾਂ ਦਾ ਮੁੜ ਸੰਘਰਸ਼ ਤੇਜ਼, 3 ਤੇ 4 ਦਸੰਬਰ ਨੂੰ ਹਜ਼ਾਰਾਂ ਮੁਲਾਜ਼ਮ ਰਹਿਣਗੇ ਸਮੂਹਿਕ ਛੁੱਟੀ ’ਤੇ
ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਹੈ। ਇਸ ਤਹਿਤ ਸੂਬੇ ਦੇ ਹਜ਼ਾਰਾਂ ਬਿਜਲੀ ਕਾਮੇ 3 ਅਤੇ 4 ਦਸੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਮੁਲਾਜ਼ਮ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਵੀ ਵਧਾਇਆ ਜਾ ਸਕਦਾ ਹੈ। ਪੈਨਸ਼ਨਰ ਜਥੇਬੰਦੀਆਂ ਨੇ ਵੀ ਇਸ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇਹ ਫ਼ੈਸਲਾ ਬਿਜਲੀ ਮੁਲਾਜ਼ਮਾਂ ਦੀਆਂ 16 ਜਥੇਬੰਦੀਆਂ ’ਤੇ ਆਧਾਰਿਤ ਸਾਂਝੇ ਥੜ੍ਹੇ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸਾਂਝੇ ਮੰਚ ਵਿੱਚ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਐਂਪਲਾਈਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਅਤੇ ਪੈਨਸ਼ਨ ਵੈੱਲਫੇਅਰ ਫੈਡਰੇਸ਼ਨ ਸਮੇਤ ਕਈ ਜਥੇਬੰਦੀਆਂ ਸ਼ਾਮਲ ਹਨ।
ਮੀਟਿੰਗਾਂ ਮੁਲਤਵੀ ਹੋਣ ਕਾਰਨ ਮੁਲਾਜ਼ਮਾਂ ਵਿੱਚ ਨਾਰਾਜ਼ਗੀ
ਜਥੇਬੰਦੀਆਂ ਦੇ ਆਗੂਆਂ ਮੁਤਾਬਕ ਇਸ ਤੋਂ ਪਹਿਲਾਂ ਵੀ ਬਿਜਲੀ ਮੁਲਾਜ਼ਮ 21 ਤੋਂ 26 ਜੁਲਾਈ ਤੱਕ ਸਮੂਹਿਕ ਛੁੱਟੀ ’ਤੇ ਰਹੇ ਸਨ। ਇਸ ਦੌਰਾਨ 26 ਜੁਲਾਈ, 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਮੁਲਾਜ਼ਮ ਜਥੇਬੰਦੀਆਂ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ 15 ਅਗਸਤ ਤੱਕ ਨਿਪਟਾਰਾ ਕਰਨ ਸਬੰਧੀ ਸਹਿਮਤੀ ਬਣੀ ਸੀ।
ਆਗੂਆਂ ਨੇ ਦੱਸਿਆ ਕਿ ਇਸ ਭਰੋਸੇ ਤੋਂ ਬਾਅਦ ਮੁਲਾਜ਼ਮਾਂ ਨੇ 28 ਅਕਤੂਬਰ ਨੂੰ ਹੋਣ ਵਾਲਾ ਦਿੜ੍ਹਬਾ ਧਰਨਾ ਮੁਲਤਵੀ ਕਰ ਦਿੱਤਾ ਸੀ ਅਤੇ ਮੁੜ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਸਨ। ਪਰ ਵਿੱਤ ਮੰਤਰੀ ਵੱਲੋਂ ਤਿੰਨ ਵਾਰ ਮੀਟਿੰਗ ਮੁਲਤਵੀ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਗਿਆ ਹੈ।
ਇਸੇ ਦੇ ਵਿਰੋਧ ਵਿੱਚ ਹੁਣ 3 ਅਤੇ 4 ਦਸੰਬਰ ਨੂੰ ਹਜ਼ਾਰਾਂ ਬਿਜਲੀ ਕਾਮੇ ਸਮੂਹਿਕ ਛੁੱਟੀ ਲੈ ਕੇ ਪੈਨਸ਼ਨਰਾਂ ਦੇ ਸਹਿਯੋਗ ਨਾਲ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਪ੍ਰਵਾਨ ਕੀਤੀਆਂ ਮੰਗਾਂ ਸਬੰਧੀ ਅਧਿਕਾਰਤ ਸਰਕੂਲਰ ਜਾਰੀ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਲੋੜ ਪੈਣ ’ਤੇ ਇਸ ਨੂੰ ਅਣਮਿੱਥੇ ਸਮੇਂ ਲਈ ਵੀ ਵਧਾਇਆ ਜਾ ਸਕਦਾ ਹੈ।
ਬਿਜਲੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਜਥੇਬੰਦੀਆਂ ਅਨੁਸਾਰ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਹੋਈ ਗੱਲਬਾਤ ਦੌਰਾਨ ਕਈ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ’ਤੇ ਸਹਿਮਤੀ ਬਣੀ ਸੀ। ਇਨ੍ਹਾਂ ਵਿੱਚ 17 ਜੁਲਾਈ, 2020 ਦਾ ਪੱਤਰ ਰੱਦ ਕਰਕੇ ਨਵੇਂ ਭਰਤੀ ਮੁਲਾਜ਼ਮਾਂ ’ਤੇ ਬਿਜਲੀ ਨਿਗਮ ਦੇ ਤਨਖ਼ਾਹ ਸਕੇਲ ਲਾਗੂ ਕਰਨਾ ਅਤੇ 17 ਨਵੰਬਰ, 2021 ਤੋਂ ਬਾਅਦ ਤਰੱਕੀ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ਨੂੰ ਵੀ ਪੇ-ਬੈਂਡ ਦਾ ਲਾਭ ਦੇਣਾ ਸ਼ਾਮਲ ਹੈ।
ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ (ਡੀਏ) ਦਾ ਬਕਾਇਆ ਅਤੇ ਏਰੀਅਰ ਜਾਰੀ ਕਰਨ, ਪੈਨਸ਼ਨਰਾਂ ਨੂੰ ਇਕਸਾਰਤਾ ਨਾਲ 2.59 ਦਾ ਫੈਕਟਰ ਦੇਣ ਅਤੇ ਵਿਕਾਸ ਟੈਕਸ ਖ਼ਤਮ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਸੋਲੇਸ਼ੀਅਮ ਪਾਲਿਸੀ ਤਹਿਤ ਭਰਤੀ ਕੀਤੇ ਮੁਲਾਜ਼ਮਾਂ ’ਤੇ ਲਾਗੂ 12 ਫ਼ੀਸਦੀ ਵਿਆਜ ਦੀ ਸ਼ਰਤ ਹਟਾਉਣ ਦੀ ਮੰਗ ਵੀ ਸੂਚੀ ਵਿੱਚ ਸ਼ਾਮਲ ਹੈ।
ਇਸ ਦੇ ਨਾਲ ਹੀ 2011 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਦੀ ਰਿਆਇਤ ਦੇਣ, ਕੰਟਰੈਕਟ ਸੀ.ਆਰ.ਏ. ਤਹਿਤ ਭਰਤੀ ਐੱਸ.ਐੱਸ.ਏ. ਅਤੇ ਲਾਈਨਮੈਨਾਂ ਨੂੰ ਉਨ੍ਹਾਂ ਦੀ ਠੇਕਾ ਸੇਵਾ ਦਾ ਲਾਭ ਦੇਣ ਅਤੇ ਪੈਟਰੋਲ ਭੱਤੇ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ।
ਜਥੇਬੰਦੀਆਂ ਦਫ਼ਤਰੀ ਮੁਲਾਜ਼ਮਾਂ ਲਈ ਨਵੀਆਂ ਅਸਾਮੀਆਂ ਸਿਰਜਣ ਅਤੇ ਭਰਤੀ ਕਰਨ, ਏ.ਏ.ਈ. ਅਤੇ ਸੀਨੀਅਰ ਸਹਾਇਕਾਂ ਦੀਆਂ ਅਸਾਮੀਆਂ ਵਿੱਚ ਵਾਧਾ ਕਰਨ, ਏ.ਈ. ਦੀ ਅਸਾਮੀ ਲਈ ਤਰੱਕੀ ਕੋਟਾ ਵਧਾਉਣ ਅਤੇ ਪੇਅ-ਪੈਰਿਟੀ ਬਹਾਲ ਕਰਨ ਦੀ ਵੀ ਮੰਗ ਕਰ ਰਹੀਆਂ ਹਨ।
ਇਸ ਤੋਂ ਇਲਾਵਾ ਪੈਸਕੋ ਅਤੇ ਪੀ.ਟੀ.ਐੱਸ. ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮੁੱਦਾ ਵੀ ਜਥੇਬੰਦੀਆਂ ਦੇ ਏਜੰਡੇ ਵਿੱਚ ਸ਼ਾਮਲ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਦੇ ਹੱਲ ਲਈ ਕੀ ਕਦਮ ਚੁੱਕੇ ਜਾਂਦੇ ਹਨ।








