ਪੰਜਾਬ ਤੇ ਚੰਡੀਗੜ੍ਹ ਵਿੱਚ ਮਾਰਚ ਦੀ ਸ਼ੁਰੂਆਤ ਨਾਲ ਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਤੇਜ਼ ਧੁੱਪ ਕਾਰਨ ਦਿਨ ਦੇ ਸਮੇਂ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਰਿਹਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ 14 ਮਾਰਚ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦਾ ਮੌਸਮ ਜ਼ਿਆਦਾਤਰ ਖੁਸ਼ਕ ਰਹੇਗਾ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਦੇਖਣ ਨੂੰ ਮਿਲ ਸਕਦੀ ਹੈ। ਫਿਲਹਾਲ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 1.2 ਡਿਗਰੀ ਦੀ ਕਮੀ ਆਈ ਹੈ, ਪਰ ਫਿਰ ਵੀ ਇਹ ਆਮ ਨਾਲੋਂ ਕਰੀਬ 5.8 ਡਿਗਰੀ ਵੱਧ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ ਖੇਤਰ ਵਿੱਚ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
14 ਮਾਰਚ ਤੋਂ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਦੇ ਅਨੁਸਾਰ ਅੱਜ ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੰਸ਼ਕ ਬੱਦਲਵਾਈ ਰਹਿ ਸਕਦੀ ਹੈ। 14 ਤੋਂ 16 ਮਾਰਚ ਦੇ ਦਰਮਿਆਨ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 17 ਮਾਰਚ ਨੂੰ ਮੌਸਮ ਮੁੜ ਖੁਸ਼ਕ ਹੋਣ ਦੀ ਉਮੀਦ ਹੈ।
14 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਤੂਫ਼ਾਨ ਨਾਲ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। 15 ਮਾਰਚ ਨੂੰ ਮੀਂਹ ਦੀ ਸੰਭਾਵਨਾ ਹੋਰ ਵਧ ਸਕਦੀ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੁਹਾਲੀ, ਪਟਿਆਲਾ ਅਤੇ ਰੂਪਨਗਰ ਵਿੱਚ ਬਾਰਿਸ਼ ਹੋਣ ਦੇ ਆਸਾਰ ਹਨ।
ਕਿਸਾਨਾਂ ਲਈ ਜਾਰੀ ਕੀਤੀ ਸਲਾਹ
ਵੱਧ ਰਹੀ ਗਰਮੀ ਅਤੇ ਖੁਸ਼ਕ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਮਿੱਟੀ ਦੀ ਨਮੀ ਕਾਇਮ ਰੱਖਣ ਲਈ ਆਪਣੀਆਂ ਫਸਲਾਂ ਨੂੰ ਲੋੜ ਅਨੁਸਾਰ ਪਾਣੀ ਦੇਣ ਦੀ ਸਲਾਹ ਦਿੱਤੀ ਗਈ ਹੈ। ਖਾਸ ਕਰਕੇ ਕਣਕ (ਅਨਾਜ ਭਰਨ ਦੀ ਅਵਸਥਾ), ਸਰ੍ਹੋਂ, ਪੱਤਾ ਗੋਭੀ ਅਤੇ ਆਲੂ ਦੀ ਫਸਲ ਦੀ ਸੰਭਾਲ ਕਰਨ ਲਈ ਕਿਹਾ ਗਿਆ ਹੈ।
ਤਾਪਮਾਨ ਵਿੱਚ ਆ ਸਕਦੀ ਹੈ ਕਮੀ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ ਅਗਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਪਰ ਉਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਕਮੀ ਆ ਸਕਦੀ ਹੈ। 14 ਤੋਂ 16 ਮਾਰਚ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਵੀ ਜਤਾਈ ਗਈ ਹੈ।






