ਪੰਜਾਬ ’ਚ CBI ਦੀ ਵੱਡੀ ਕਾਰਵਾਈ, CM ਦੇ ਕੈਂਪ ਦਫ਼ਤਰ ’ਤੇ ਵੀ ਛਾਪਾ

ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਅਤੇ ਕੁਝ ਅਣਪਛਾਤੇ ਸਰਕਾਰੀ ਤੇ ਨਿੱਜੀ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਾਮਜ਼ਦ ਵਿਅਕਤੀਆਂ ਵਿੱਚ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਅਤੇ ਆਰ.ਐੱਸ. ਨਾਗਰਾ ਦੇ ਨਾਮ ਸ਼ਾਮਲ ਹਨ। ਇਸ ਮਾਮਲੇ ਦੀ ਜਾਂਚ ਦੇ ਤਹਿਤ ਸੀਬੀਆਈ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ।

ਸੀਬੀਆਈ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਜਾਂਚ ਟੀਮਾਂ ਨੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਤੋਂ ਇਲਾਵਾ ਮੁਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਵੱਖ-ਵੱਖ ਟਿਕਾਣਿਆਂ ’ਤੇ ਤਲਾਸ਼ੀ ਲਈ। ਇਸ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਕਈ ਅਹਿਮ ਦਸਤਾਵੇਜ਼ ਕਬਜ਼ੇ ਵਿੱਚ ਲਏ ਜਾਣ ਦੀ ਗੱਲ ਕਹੀ ਗਈ ਹੈ। ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿੱਚ ਚੱਲੀ ਜਾਂਚ ਕਰੀਬ ਸਵਾ 11 ਵਜੇ ਤੱਕ ਜਾਰੀ ਰਹੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕੀਤੀ ਹੈ। ਅੱਜ ਸ਼ਾਮ ਸੀਬੀਆਈ ਦੀਆਂ ਟੀਮਾਂ ਨੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ, ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਵਿੱਚ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ਅਤੇ ਮੁਹਾਲੀ ਦੇ ਫੇਜ਼-11 ਵਿੱਚ ਇੱਕ ਨਿੱਜੀ ਰਿਹਾਇਸ਼ ’ਤੇ ਵੀ ਛਾਪੇ ਮਾਰੇ। ਇਹ ਰਿਹਾਇਸ਼ ਰਾਜਬੀਰ ਸਿੰਘ ਘੁੰਮਣ ਦੇ ਕਿਸੇ ਕਰੀਬੀ ਰਿਸ਼ਤੇਦਾਰ ਦੀ ਦੱਸੀ ਜਾ ਰਹੀ ਹੈ।

ਸੀਬੀਆਈ ਦੀ ਕਾਰਵਾਈ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪ੍ਰਤੀਕਿਰਿਆ ਦਿੰਦਿਆਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਨੂੰ ਦੇਖਦਿਆਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਿੱਚ ਸੀਬੀਆਈ ਦੀ ਛਾਪੇਮਾਰੀ ਦਾ ਮਕਸਦ ਪੰਜਾਬ ਸਰਕਾਰ ਅਤੇ ਉਨ੍ਹਾਂ ਨੂੰ ਬਦਨਾਮ ਕਰਨਾ ਹੈ।

ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਸਰਕਾਰੀ ਤਬਾਦਲਿਆਂ ਅਤੇ ਤਾਇਨਾਤੀਆਂ ਵਿੱਚ ਕਥਿਤ ਲੈਣ-ਦੇਣ, ਮਨਪਸੰਦ ਨੀਤੀਆਂ ਬਣਾਉਣ ਅਤੇ ਟੈਂਡਰਾਂ ਵਿੱਚ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਅਦਾਲਤ ਨੇ ਸੀਬੀਆਈ ਨੂੰ ਐੱਫਆਈਆਰ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।

ਹਾਈ ਕੋਰਟ ਨੇ ਨਿਰਪੱਖ ਜਾਂਚ ਲਈ ਪੰਜਾਬ ਪੁਲੀਸ ਨੂੰ ਵੀ ਸੀਬੀਆਈ ਨਾਲ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਈਡੀ ਵੱਲੋਂ ਪੀਐੱਮਐੱਲਏ ਦੀ ਧਾਰਾ 66(2) ਤਹਿਤ ਸਾਂਝੀ ਕੀਤੀ ਜਾਣਕਾਰੀ ਦੇ ਆਧਾਰ ’ਤੇ ਸੀਬੀਆਈ ਨੂੰ ਐੱਫਆਈਆਰ ਦਰਜ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪਟੀਸ਼ਨਰ ਨਿਖਿਲ ਸਰਾਫ਼ ਦੀ ਯੋਗਤਾ ’ਤੇ ਚੁੱਕੇ ਗਏ ਸਵਾਲਾਂ ਵਾਲੀ ਅਰਜ਼ੀ ਵੀ ਖਾਰਜ ਕਰ ਦਿੱਤੀ ਗਈ ਸੀ। ਫ਼ੈਸਲੇ ਵਿੱਚ ਸਰਕਾਰ ਵੱਲੋਂ ਪਟੀਸ਼ਨਰ ਦੀ ਨਿੱਜੀ ਜਾਇਦਾਦ ਢਾਹੁਣ ਦੀ ਕਾਰਵਾਈ ਨੂੰ ਬਦਲਾਖੋਰੀ ਵਾਲੀ ਕਾਰਵਾਈ ਦੱਸਿਆ ਗਿਆ ਸੀ ਅਤੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਮਾਮਲੇ ਨੂੰ ਮੁੱਢਲੀ ਜਾਂਚ ਦੇ ਨਾਂ ’ਤੇ ਲਟਕਾਉਣ ’ਤੇ ਵੀ ਟਿੱਪਣੀ ਕੀਤੀ ਗਈ।

ਦੂਜੇ ਪਾਸੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਸੀਬੀਆਈ ਦੇ ਸਿੱਧੇ ਦਖ਼ਲ ’ਤੇ ਰੋਕ ਲਗਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸੇ ਆਧਾਰ ’ਤੇ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਰੁਖ ਕਰੇਗੀ ਅਤੇ ਸੀਬੀਆਈ ਜਾਂਚ ਦਾ ਵਿਰੋਧ ਕਰੇਗੀ।

ਘਰਾਚੋਂ ਵਿੱਚ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ ਛਾਪਾ

ਭਵਾਨੀਗੜ੍ਹ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਦੀ ਟੀਮ ਨੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਦੀ ਪਿੰਡ ਘਰਾਚੋਂ ਸਥਿਤ ਰਿਹਾਇਸ਼ ’ਤੇ ਵੀ ਛਾਪਾ ਮਾਰਿਆ। ਹਾਈ ਕੋਰਟ ਵੱਲੋਂ ਮਾਮਲਾ ਸੀਬੀਆਈ ਨੂੰ ਸੌਂਪੇ ਜਾਣ ਅਤੇ ਐੱਫਆਈਆਰ ਦਰਜ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਟੀਮ ਵਿੱਚ ਕਰੀਬ 5-6 ਅਧਿਕਾਰੀ ਮੌਜੂਦ ਸਨ ਅਤੇ ਘਰ ਅੰਦਰ ਕਈ ਘੰਟਿਆਂ ਤੱਕ ਜਾਂਚ ਜਾਰੀ ਰਹੀ। ਮੌਕੇ ’ਤੇ ਮੌਜੂਦ ਪੁਲੀਸ ਅਧਿਕਾਰੀਆਂ ਨੇ ਸਿਰਫ਼ ਇਹ ਪੁਸ਼ਟੀ ਕੀਤੀ ਕਿ ਸੀਬੀਆਈ ਦੀ ਕਾਰਵਾਈ ਚੱਲ ਰਹੀ ਹੈ।

ਰੋਮੀ ਰਾਜਾ ਮਹਾਜਨ ਦੀ ਰਿਹਾਇਸ਼ ’ਤੇ ਵੀ ਤਲਾਸ਼ੀ

ਗੁਰਦਾਸਪੁਰ ਵਿੱਚ ਸੀਬੀਆਈ ਦੀ ਟੀਮ ਨੇ ਮੁੱਖ ਮੰਤਰੀ ਨਾਲ ਸਬੰਧਤ ਦੱਸੇ ਜਾ ਰਹੇ ਡਾ. ਰੋਮੀ ਰਾਜਾ ਮਹਾਜਨ ਦੀ ਰੁਲੀਆ ਰਾਮ ਕਲੋਨੀ ਸਥਿਤ ਰਿਹਾਇਸ਼ ’ਤੇ ਵੀ ਛਾਪਾ ਮਾਰਿਆ। ਸੀਬੀਆਈ ਵੱਲੋਂ ਦਰਜ ਕੀਤੀ ਐੱਫਆਈਆਰ ਵਿੱਚ ਰੋਮੀ ਰਾਜਾ ਮਹਾਜਨ ਦਾ ਨਾਮ ਵੀ ਸ਼ਾਮਲ ਹੈ। ਦੱਸਿਆ ਗਿਆ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਵਿੱਚ ਰਹਿ ਰਹੇ ਹਨ।

ਛਾਪੇ ਦੌਰਾਨ ਕਿਸੇ ਵਿਅਕਤੀ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਰੋਮੀ ਰਾਜਾ ਮਹਾਜਨ ਪਹਿਲਾਂ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਸੀ ਅਤੇ ਉਨ੍ਹਾਂ ਦੀ ਰਿਟਾਇਰਮੈਂਟ ਪਾਰਟੀ ਦੀਨਾਨਗਰ ਦੇ ਇੱਕ ਰਿਜ਼ੌਰਟ ਵਿੱਚ ਹੋਈ ਸੀ, ਜਿਸ ਵਿੱਚ ਕਈ ਸਿਆਸੀ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ।