ਪੰਜਾਬ ਦੀ ਸਿਆਸਤ ’ਚ ਨਵਾਂ ਸਮੀਕਰਨ: ‘ਵਾਰਿਸ ਪੰਜਾਬ ਦੇ’, ‘ਪੁਨਰ ਸੁਰਜੀਤ’ ਤੇ ਬਸਪਾ ਵਿਚਾਲੇ ਗੱਠਜੋੜ ਦੇ ਆਸਾਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਗੱਠਜੋੜ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਵਾਰਿਸ ਪੰਜਾਬ ਦੇ’, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਚੋਣ ਗੱਠਜੋੜ ਲਗਪਗ ਤੈਅ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਪਾਰਟੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਲਈ ਸਹਿਮਤੀ ਬਣਾ ਲਈ ਹੈ ਅਤੇ ਗੱਠਜੋੜ ਸਬੰਧੀ ਗੱਲਬਾਤ ਵੀ ਮੁਕੰਮਲ ਹੋ ਚੁੱਕੀ ਹੈ।

ਇਸ ਗੱਠਜੋੜ ਦਾ ਰਸਮੀ ਐਲਾਨ 26 ਨਵੰਬਰ ਨੂੰ ਫਿਲੌਰ ਵਿਖੇ ਹੋਣ ਵਾਲੀ ਬਸਪਾ ਦੀ ਰੈਲੀ ਦੌਰਾਨ ਕੀਤਾ ਜਾ ਸਕਦਾ ਹੈ। ਇਸ ਸਬੰਧੀ ਹਾਲ ਹੀ ਵਿੱਚ ਫਰੀਦਕੋਟ ਵਿਖੇ ਵਾਰਿਸ ਪੰਜਾਬ ਦੇ ਆਗੂਆਂ ਦੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਨਾਲ ਮੀਟਿੰਗ ਹੋਈ। ਇਸ ਦੌਰਾਨ ਤਿੰਨਾਂ ਧਿਰਾਂ ਨੇ ਆਗਾਮੀ ਚੋਣਾਂ ਮਿਲ ਕੇ ਲੜਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਸੰਭਾਵੀ ਸਿਆਸੀ ਗੱਠਜੋੜ ਵਿੱਚ ਤਿੰਨਾਂ ਪਾਰਟੀਆਂ ਦੇ ਵੱਖ-ਵੱਖ ਸਿਆਸੀ ਆਧਾਰ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਵਾਰਿਸ ਪੰਜਾਬ ਦੇ ਨਾਲ ਪੰਥਕ ਅਤੇ ਗਰਮਖਿਆਲੀ ਵਿਚਾਰਧਾਰਾ ਵਾਲੇ ਵਰਗ ਦੀ ਹਮਾਇਤ ਜੁੜੀ ਹੋਈ ਹੈ, ਜਦੋਂਕਿ ਬਸਪਾ ਦਾ ਪੰਜਾਬ ਵਿੱਚ ਦਲਿਤ ਭਾਈਚਾਰੇ ਵਿੱਚ ਆਪਣਾ ਸਿਆਸੀ ਆਧਾਰ ਹੈ। ਦੂਜੇ ਪਾਸੇ, ਅਕਾਲੀ ਦਲ (ਪੁਨਰ ਸੁਰਜੀਤ) ਪੰਥਕ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਕਾਲੀ ਦਲ (ਪੁਨਰ ਸੁਰਜੀਤ) ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਪੰਥਕ ਸੰਸਥਾਵਾਂ ਅਤੇ ਹੋਰ ਸੰਗਠਨਾਂ ਨਾਲ ਮਿਲ ਕੇ ‘ਸਾਂਝਾ ਪੰਜਾਬ ਮੋਰਚਾ’ ਬਣਾਉਣ ਵਿੱਚ ਵੀ ਭੂਮਿਕਾ ਨਿਭਾ ਚੁੱਕਾ ਹੈ। ਇਸ ਮੋਰਚੇ ਵੱਲੋਂ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਸਾਂਝੇ ਤੌਰ ’ਤੇ ਲੜਨ ਦਾ ਐਲਾਨ ਕੀਤਾ ਗਿਆ ਸੀ।

ਤਿੰਨਾਂ ਪਾਰਟੀਆਂ ਵਿਚਾਲੇ ਸੰਭਾਵੀ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ। ਇਸ ਦਾ ਅਸਰ ਸੂਬੇ ਦੀਆਂ ਹੋਰ ਸਿਆਸੀ ਪਾਰਟੀਆਂ ਦੀਆਂ ਚੋਣ ਤਿਆਰੀਆਂ ’ਤੇ ਵੀ ਪੈ ਸਕਦਾ ਹੈ। ਹਾਲਾਂਕਿ, ਸੀਟਾਂ ਦੀ ਵੰਡ, ਉਮੀਦਵਾਰਾਂ ਦੀ ਚੋਣ ਅਤੇ ਸਾਂਝੀ ਚੋਣ ਰਣਨੀਤੀ ਬਾਰੇ ਅਜੇ ਕੋਈ ਅਧਿਕਾਰਤ ਵੇਰਵਾ ਸਾਹਮਣੇ ਨਹੀਂ ਆਇਆ।