ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਅਤੇ 3 ਦਸੰਬਰ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਪਹੁੰਚਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਜ਼ਿਲ੍ਹੇ ਵਿੱਚ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਹੋਟਲਾਂ, ਢਾਬਿਆਂ ਅਤੇ ਅਹਾਤਿਆਂ ਵਿੱਚ ਵੀ ਮੀਟ ਅਤੇ ਅੰਡੇ ਬਣਾਉਣ ਅਤੇ ਪਰੋਸਣ ‘ਤੇ ਪਾਬੰਦੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸਮੁੱਚੀ ਸੰਗਤ ਲਈ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਦਾ ਦਿਹਾੜਾ ਹੈ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।
ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ, ਨਗਰ ਨਿਗਮ, ਨਗਰ ਕੌਂਸਲਾਂ, ਬੀ.ਡੀ.ਪੀ.ਓਜ਼ ਅਤੇ ਪਸ਼ੂ ਪਾਲਣ ਵਿਭਾਗ ਸਮੇਤ ਸਬੰਧਤ ਅਧਿਕਾਰੀਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।








