ਪੰਜਾਬ ਦੇ 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਅਲਰਟ ਜਾਰੀ

ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਸਿਰਫ਼ ਦੋ ਦਿਨ ਬਾਕੀ ਰਹਿਣ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸਰਦੀ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਚੰਡੀਗੜ੍ਹ ਅਤੇ ਪੰਜਾਬ ਵਿੱਚ ਠੰਢ ਹੋਰ ਜ਼ੋਰ ਫੜ ਸਕਦੀ ਹੈ, ਜਦਕਿ ਅੱਜ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿਖੇ 7.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਫ਼ਿਲਹਾਲ ਸਵੇਰ ਅਤੇ ਸ਼ਾਮ ਸਮੇਂ ਠੰਢ ਦਾ ਅਸਰ ਵਧੇਰੇ ਮਹਿਸੂਸ ਹੋ ਰਿਹਾ ਹੈ ਅਤੇ ਖ਼ੁਸ਼ਕ ਹਵਾਵਾਂ ਚੱਲ ਰਹੀਆਂ ਹਨ।

ਇਸ ਦੌਰਾਨ ਮੌਸਮ ਵਿਭਾਗ ਨੇ ਦੱਸਿਆ ਹੈ ਕਿ 2 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ ਅਤੇ ਠੰਢ ਦਾ ਅਸਰ ਹੋਰ ਵਧ ਸਕਦਾ ਹੈ।