ਪੰਜਾਬ : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ

ਮਾਨਸਾ : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਮਾਨਸਾ ਪੁਲਸ ਨੇ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਵੱਲੋਂ ਕਾਨੂੰਨ ਵਿਵਸਥਾ, ਲੋਕਾਂ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਪੁਲਸ ਮੁਲਾਜ਼ਮਾਂ ਵੱਲੋਂ ਦਿਨ-ਰਾਤ ਡਿਊਟੀਆਂ ਨਿਭਾਉਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਐੱਸ.ਐੱਸ.ਪੀ. ਨੇ ਇਹ ਵੀ ਕਿਹਾ ਕਿ ਉਹ ਖੁਦ ਦਿਨ ਅਤੇ ਰਾਤ ਦੇ ਸਮੇਂ ਪੁਲਸ ਨਾਕਿਆਂ, ਥਾਣਿਆਂ ਅਤੇ ਹੋਰ ਡਿਊਟੀ ਪੁਆਇੰਟਾਂ ਦੀ ਅਚਨਚੇਤ ਜਾਂਚ ਕਰਦੇ ਰਹਿਣਗੇ। ਇਸ ਦਾ ਮਕਸਦ ਪੁਲਸ ਦੀ ਕਾਰਗੁਜ਼ਾਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਦੀ ਚੌਕਸੀ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਪੁਲਸ ਮੁਲਾਜ਼ਮ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਹੋਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਗਤੀਵਿਧੀ, ਗੈਰ-ਕਾਨੂੰਨੀ ਕਾਰਵਾਈ ਜਾਂ ਅਮਨ-ਸ਼ਾਂਤੀ ਨੂੰ ਪ੍ਰਭਾਵਿਤ ਕਰਨ ਵਾਲੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

ਆਧੁਨਿਕ ਤਰੀਕਿਆਂ ਨਾਲ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ

ਬਰੇਟਾ ਪੁਲਸ ਵੱਲੋਂ ਇਲਾਕੇ ਵਿੱਚੋਂ ਲੰਘਣ ਵਾਲੇ ਵਾਹਨਾਂ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਵੀ ਆਧੁਨਿਕ ਸਾਧਨਾਂ ਰਾਹੀਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹੋਟਲਾਂ ਅਤੇ ਹੋਰ ਠਹਿਰਾਅ ਵਾਲੀਆਂ ਥਾਵਾਂ ’ਤੇ ਰਹਿ ਰਹੇ ਲੋਕਾਂ ਦੀ ਪਛਾਣ ਅਤੇ ਉਨ੍ਹਾਂ ਦੇ ਰਿਕਾਰਡ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਗਲਤ ਪਛਾਣ ਜਾਂ ਗਲਤ ਜਾਣਕਾਰੀ ਦੇ ਆਧਾਰ ’ਤੇ ਕਿਸੇ ਗੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸੰਭਾਵਨਾ ਨੂੰ ਰੋਕਣਾ ਹੈ।

ਥਾਣਾ ਬਰੇਟਾ ਦੇ ਮੁਖੀ ਦਿਨੇਸ਼ਵਰ ਸ਼ਰਮਾ ਨੇ ਦੱਸਿਆ ਕਿ ਪੁਲਸ ਵੱਲੋਂ ਰਾਤ ਸਮੇਂ ਅਚਨਚੇਤ ਚੈਕਿੰਗ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਹੋਟਲਾਂ ਵਿੱਚ ਠਹਿਰੇ ਲੋਕਾਂ ਦੀ ਪਛਾਣ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਿਸੇ ਖਾਸ ਵਰਗ ਤੱਕ ਸੀਮਤ ਨਹੀਂ ਹੈ, ਸਗੋਂ ਇਲਾਕੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਲਗਾਤਾਰ ਜਾਰੀ ਰਹੇਗੀ।

ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ, ਉਲੰਘਣਾ ਕਰਨ ਵਾਲਿਆਂ ਦੇ ਚਲਾਨ

ਝੁਨੀਰ/ਮਾਨਸਾ : ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਰੱਖਣ ਲਈ ਝੁਨੀਰ ਪੁਲਸ ਵੱਲੋਂ ਰਾਤ ਸਮੇਂ ਵਿਸ਼ੇਸ਼ ਗਸ਼ਤ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਪੁਲਸ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਗਏ।

ਥਾਣਾ ਝੁਨੀਰ ਦੇ ਮੁਖੀ ਭੁਪਿੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਤ ਸਮੇਂ ਪੁਲਸ ਦੀ ਗਸ਼ਤ ਅਤੇ ਵਾਹਨਾਂ ਦੀ ਚੈਕਿੰਗ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਥਾਣਾ ਮੁਖੀ

ਜ਼ਿਲ੍ਹਾ ਪੁਲਸ ਮੁਖੀ ਵੈਭਵ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੋਹਾ ਪੁਲਸ ਨੇ ਵੀ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਹੈ। ਸਮਾਜ ਵਿਰੋਧੀ ਅਨਸਰਾਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਪੁਲਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਥਾਣਾ ਬੋਹਾ ਦੇ ਮੁਖੀ ਐੱਸ.ਐੱਚ.ਓ. ਭਗਵੰਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ, ਲੁੱਟ-ਖੋਹ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਛੋਟ ਨਹੀਂ ਦਿੱਤੀ ਜਾਵੇਗੀ।

ਥਾਣਾ ਮੁਖੀ ਮੁਤਾਬਕ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪੁਲਸ ਵੱਲੋਂ ਦਿਨ ਅਤੇ ਰਾਤ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।