ਪੰਜਾਬ ਰੇਲਵੇ ਲਾਈਨ ਧਮਾਕਾ ਮਾਮਲੇ ’ਚ NIA ਦੀ ਵੱਡੀ ਕਾਰਵਾਈ, 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ 27 ਅਪਰੈਲ ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਨੇ ਵੱਡੀ ਕਾਰਵਾਈ ਕੀਤੀ ਹੈ। ਏਜੰਸੀ ਨੇ ਸ਼ਨਿੱਚਰਵਾਰ ਨੂੰ ਇਸ ਮਾਮਲੇ ਨਾਲ ਸਬੰਧਤ ਛੇ ਮੁਲਜ਼ਮਾਂ ਵਿਰੁੱਧ ਮੁਹਾਲੀ ਦੀ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਜ਼ਿਕਰਯੋਗ ਹੈ ਕਿ ਇਸ ਘਟਨਾ ਦੌਰਾਨ ਧਮਾਕਾਖੇਜ਼ ਸਮੱਗਰੀ ਨੂੰ ਜੋੜਦੇ ਸਮੇਂ ਖਾਲਿਸਤਾਨੀ ਕਾਰਕੁਨ ਜਗਰੂਪ ਸਿੰਘ ਦੀ ਮੌਤ ਹੋ ਗਈ ਸੀ।
ਐੱਨਆਈਏ ਵੱਲੋਂ ਜਿਨ੍ਹਾਂ ਛੇ ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਪੇਸ਼ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ, ਸਤਨਾਮ ਸਿੰਘ, ਪ੍ਰਦੀਪ ਸਿੰਘ ਉਰਫ਼ ਖਾਲਸਾ, ਕੁਲਵਿੰਦਰ ਸਿੰਘ ਉਰਫ਼ ਬੱਗਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਮਨਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ (BNS), ਅਸਲਾ ਐਕਟ, ਧਮਾਕਾਖੇਜ਼ ਸਮੱਗਰੀ ਐਕਟ, ਰੇਲਵੇ ਐਕਟ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।
ਜਾਂਚ ਏਜੰਸੀ ਅਨੁਸਾਰ, 27 ਅਪਰੈਲ ਨੂੰ ਸ਼ੰਭੂ ਅਤੇ ਰਾਜਪੁਰਾ ਵਿਚਕਾਰ ਡੇਡੀਕੇਟਿਡ ਫਰੇਟ ਕੌਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ ਨੂੰ ਨਿਸ਼ਾਨਾ ਬਣਾਉਣ ਲਈ ਸਾਜ਼ਿਸ਼ ਰਚੀ ਗਈ ਸੀ। ਐੱਨਆਈਏ ਦਾ ਦਾਅਵਾ ਹੈ ਕਿ ਇਸ ਸਾਜ਼ਿਸ਼ ਪਿੱਛੇ ਪਾਬੰਦੀਸ਼ੁਦਾ ਜਥੇਬੰਦੀ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ, ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਅਤੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਦਾ ਮਕਸਦ ਸੀ।
ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਥਿਤ ਤੌਰ ’ਤੇ ਮ੍ਰਿਤਕ ਜਗਰੂਪ ਸਿੰਘ ਨਾਲ ਮਿਲ ਕੇ ਇਸ ਸਾਜ਼ਿਸ਼ ਵਿੱਚ ਸ਼ਾਮਲ ਸਨ। ਐੱਨਆਈਏ ਮੁਤਾਬਕ, ਇਸ ਪੂਰੀ ਯੋਜਨਾ ਪਿੱਛੇ ਪਾਕਿਸਤਾਨ ਵਿੱਚ ਰਹਿ ਰਿਹਾ ਰਣਜੀਤ ਸਿੰਘ ਉਰਫ਼ ਨੀਤਾ ਸੀ, ਜਿਸ ਦਾ ਸਬੰਧ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਦੱਸਿਆ ਜਾਂਦਾ ਹੈ। ਰਣਜੀਤ ਸਿੰਘ ਨੀਤਾ ਨੂੰ ਪਹਿਲਾਂ ਹੀ ਨਾਮਜ਼ਦ ਅਤਿਵਾਦੀ ਐਲਾਨਿਆ ਜਾ ਚੁੱਕਾ ਹੈ। ਏਜੰਸੀ ਦਾ ਕਹਿਣਾ ਹੈ ਕਿ ਇਸ ਸਾਜ਼ਿਸ਼ ਰਾਹੀਂ ਖਾਲਿਸਤਾਨੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਅਤੇ ਜਥੇਬੰਦੀ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਐੱਨਆਈਏ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਕਥਿਤ ਅਤਿਵਾਦੀ ਨੈੱਟਵਰਕ ਨਾਲ ਜੁੜੇ ਵਿਅਕਤੀ ਅਤਿਵਾਦੀ ਗਤੀਵਿਧੀਆਂ ਲਈ ਪੈਸਾ ਇਕੱਠਾ ਕਰਨ, ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦਾ ਪ੍ਰਬੰਧ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਏਜੰਸੀ ਅਨੁਸਾਰ, ਅਜਿਹੀਆਂ ਕਾਰਵਾਈਆਂ ਦੇਸ਼ ਦੀ ਸੁਰੱਖਿਆ, ਏਕਤਾ ਅਤੇ ਪ੍ਰਭੂਸੱਤਾ ਲਈ ਖਤਰਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਸਨ।
ਫਿਲਹਾਲ ਐੱਨਆਈਏ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਜ਼ਿਸ਼ ਨਾਲ ਜੁੜੇ ਹੋਰ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।







