‘ਪੰਜਾਬ ਮੁਲਾਜ਼ਮ ਮੰਚ’ ਵੱਲੋਂ ਇੱਕ ਪੈਲੇਸ ਵਿੱਚ ਵਿਸ਼ਾਲ ਇਕੱਠ ਕਰਕੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕਰਮਚਾਰੀ ਦਲ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਸੁਖਚੈਨ ਸਿੰਘ ਖਹਿਰਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਵਾਜਬ ਮੰਗਾਂ ’ਤੇ ਜਲਦ ਕੋਈ ਕਾਰਵਾਈ ਨਾ ਕੀਤੀ ਗਈ ਤਾਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ‘ਮਹਾ ਬੰਦ’ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਸਥਿਤੀ ਪੈਦਾ ਹੋਣ ਤੋਂ ਪਹਿਲਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਪ੍ਰਵਾਨ ਕੀਤਾ ਜਾਵੇ।
ਇਸ ਇਕੱਠ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ, ਪਟਵਾਰ ਯੂਨੀਅਨ, ਸੀ.ਪੀ.ਈ.ਐੱਫ. ਯੂਨੀਅਨ, ਆਲ ਪੰਜਾਬ ਸੁਪਰਵਾਈਜ਼ਰ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਪਿਊਟਰ ਟੀਚਰਜ਼ ਯੂਨੀਅਨ, ਡੀ.ਟੀ.ਐੱਫ. ਅਧਿਆਪਕ ਯੂਨੀਅਨ, ਪੈਨਸ਼ਨਰਜ਼ ਯੂਨੀਅਨ, ਡੀ.ਸੀ. ਦਫਤਰ ਯੂਨੀਅਨ, ਬੀ.ਐੱਡ. ਟੀਚਰਜ਼ ਫਰੰਟ ਅਤੇ ਐੱਸ.ਸੀ./ਬੀ.ਸੀ. ਯੂਨੀਅਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਮੌਜੂਦ ਰਹੇ।
ਇਸ ਮੌਕੇ ਮਨਦੀਪ ਸਿੰਘ ਸਿੱਧੂ, ਕਨਵੀਨਰ ਰਣਜੀਤ ਸਿੰਘ ਰਾਨਵਾ, ਵਾਸਵੀਰ ਸਿੰਘ ਭੁੱਲਰ, ਕਮਲ ਸਿੱਧੂ, ਸਰਨਵੀਰ ਸਿੰਘ, ਪ੍ਰਧਾਨ ਮਾਸ ਮੀਡੀਆ ਅਫਸਰ ਡਾ. ਰਣਵੀਰ ਸਿੰਘ ਢੰਡੇ ਤੋਂ ਇਲਾਵਾ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।







