ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ BJP ਨੇ ਖਿੱਚੀ ਤਿਆਰੀ, 117 ਸੀਟਾਂ ’ਤੇ ਲੜੇਗੀ ਚੋਣ

2027 ਦੀਆਂ ਪੰਜਾਬ ਚੋਣਾਂ ਲਈ BJP ਦਾ ਵੱਡਾ ਐਲਾਨ, 117 ਸੀਟਾਂ ’ਤੇ ਆਪਣੇ ਦਮ ’ਤੇ ਲੜੇਗੀ ਚੋਣ: ਸਤੀਸ਼ ਪੂਨੀਆ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਗਠਨ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪੰਜਾਬ-ਹਰਿਆਣਾ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਆਪਣੀ ਪੰਜਾਬ ਫੇਰੀ ਦੇ ਆਖਰੀ ਪੜਾਅ ਤਹਿਤ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਸਮੇਤ ਕਿਸੇ ਵੀ ਹੋਰ ਪਾਰਟੀ ਨਾਲ ਗੱਠਜੋੜ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਰੱਦ ਕਰਦਿਆਂ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਆਪਣੇ ਸੰਗਠਨ ਦੀ ਤਾਕਤ ਦੇ ਬਲ ’ਤੇ ਚੋਣ ਲੜੇਗੀ।

ਅੰਮ੍ਰਿਤਸਰ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਨੇ ਡਾ. ਪੂਨੀਆ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਹੀਦ ਹਰਬੰਸ ਲਾਲ ਖੰਨਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਭਾਜਪਾ ਆਗੂਆਂ ਨਾਲ ਉਨ੍ਹਾਂ ਸ੍ਰੀ ਦੁਰਗਿਆਣਾ ਤੀਰਥ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਕੇਂਦਰੀ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ।

ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਉਪ ਪ੍ਰਧਾਨ ਰਾਕੇਸ਼ ਰਾਠੌਰ ਸਮੇਤ ਕਈ ਆਗੂ ਮੌਜੂਦ ਰਹੇ।

ਮੀਡੀਆ ਨਾਲ ਗੱਲਬਾਤ ਦੌਰਾਨ ਡਾ. ਪੂਨੀਆ ਨੇ ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨਸ਼ਿਆਂ ਅਤੇ ਨਾਰਕੋ-ਅਤਿਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਠੋਸ ਕਾਰਜ ਯੋਜਨਾ ਤਿਆਰ ਕਰ ਰਹੀ ਹੈ। ਉਨ੍ਹਾਂ ਮੁਤਾਬਕ ਪਾਰਟੀ ਦਾ ਮੁੱਖ ਫੋਕਸ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੈ।

ਡਾ. ਪੂਨੀਆ ਨੇ ਪਾਰਟੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਤਜਰਬੇਕਾਰ ਅਤੇ ਨਵੇਂ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਦਿਆਂ ਹਰ ਵਫ਼ਾਦਾਰ ਵਰਕਰ ਨੂੰ ਉਸਦੀ ਯੋਗਤਾ ਮੁਤਾਬਕ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਭਾਜਪਾ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ ਦੇ ਵਿਕਾਸ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਦੇ ‘ਡਬਲ-ਇੰਜਣ ਮਾਡਲ’ ’ਤੇ ਭਰੋਸਾ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਸੂਬੇ ਨੂੰ ‘ਕੰਗਲਾ ਪੰਜਾਬ’ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ ਅਤੇ ਇਸ ਦੇ ਕਾਰਜਕਾਲ ਦੌਰਾਨ ਅਪਰਾਧ, ਗੈਂਗਸਟਰਵਾਦ, ਜਬਰੀ ਵਸੂਲੀ ਅਤੇ ਵੱਖ-ਵੱਖ ਮਾਫੀਆ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ।

ਢਿੱਲੋਂ ਨੇ ਦੋਸ਼ ਲਾਇਆ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਅਤੇ ਸਰਕਾਰ ਤੋਂ ਸਵਾਲ ਪੁੱਛਣ ਵਾਲੇ ਲੋਕਾਂ ਨਾਲ ਪੁਲੀਸ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਨਿਰਾਸ਼ ਹੋ ਚੁੱਕੇ ਹਨ।

ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।