ਪੰਜਾਬ ਸਰਕਾਰ ਵੱਲੋਂ ਇੱਕ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਸਰਕਾਰ ਲਗਾਤਾਰ ਅਨੁਸੂਚਿਤ ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸੰਦਰਭ ‘ਚ ਤਰਨਤਾਰਨ ਜ਼ਿਲ੍ਹੇ ਵਿਚ ਬਣ ਰਹੇ ਡਾ. ਬੀ. ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਵਾਧੂ ਰਕਮ ਜਾਰੀ ਕਰ ਦਿੱਤੀ ਗਈ ਹੈ।
ਇਸ ਦੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਰਕਮ ਜਲਦੀ ਹੀ ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਮੁੱਖ ਇੰਜੀਨੀਅਰ ਦੇ ਖਾਤੇ ਵਿਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਨਿਰਮਾਣ ਕਾਰਜ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਐੱਸ.ਏ.ਐੱਸ. ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਾਲੇਰਕੋਟਲਾ ਜਿਹੇ ਹੋਰ ਜ਼ਿਲ੍ਹਿਆਂ ਵਿੱਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਲਈ ਜ਼ਮੀਨ ਦੀ ਉਪਲੱਬਧਤਾ ਸਬੰਧੀ ਕਾਰਵਾਈ ਚੱਲ ਰਹੀ ਹੈ।