ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, ਤਿੰਨ IAS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ ਤਿੰਨ ਸੀਨੀਅਰ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਤਹਿਤ ਵੱਖ-ਵੱਖ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਵਾਧੂ ਚਾਰਜ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਜਾਰੀ ਹੁਕਮਾਂ ਮੁਤਾਬਕ 1992 ਬੈਚ ਦੀ ਆਈਏਐੱਸ ਅਧਿਕਾਰੀ ਰਾਜੀ ਪ੍ਰਮੋਦ ਸ੍ਰੀਵਾਸਤਵਾ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਸਨ।

ਇਸੇ ਤਰ੍ਹਾਂ 2004 ਬੈਚ ਦੇ ਆਈਏਐੱਸ ਅਧਿਕਾਰੀ ਵਰੁਣ ਰੂਜ਼ਮ, ਜੋ ਇਸ ਸਮੇਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਿੱਚ ਪ੍ਰਬੰਧਕੀ ਸਕੱਤਰ ਵਜੋਂ ਤਾਇਨਾਤ ਹਨ, ਨੂੰ ਚੌਕਸੀ ਵਿਭਾਗ ਦੇ ਸਕੱਤਰ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਇਸ ਨਵੀਂ ਜ਼ਿੰਮੇਵਾਰੀ ਨਾਲ ਉਹ ਆਈਏਐੱਸ ਅਧਿਕਾਰੀ ਨੀਲਿਮਾ ਦੀ ਥਾਂ ਇਹ ਅਹੁਦਾ ਸੰਭਾਲਣਗੇ।

ਉੱਧਰ, 2006 ਬੈਚ ਦੇ ਆਈਏਐੱਸ ਅਧਿਕਾਰੀ ਅਭਿਨਵ ਤ੍ਰਿਖਾ ਨੂੰ ਸੁਤੰਤਰਤਾ ਸੰਗਰਾਮੀ ਵਿਭਾਗ ਦਾ ਨਵਾਂ ਪ੍ਰਬੰਧਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਵਿੱਤ ਵਿਭਾਗ ਵਿੱਚ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਹੁਣ ਉਨ੍ਹਾਂ ਨੂੰ ਰਾਜੀ ਪ੍ਰਮੋਦ ਸ੍ਰੀਵਾਸਤਵਾ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਸਰਕਾਰ ਦੇ ਇਨ੍ਹਾਂ ਹੁਕਮਾਂ ਨਾਲ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ਦੇ ਵਿਭਾਗੀ ਕਾਰਜਭਾਰ ਵਿੱਚ ਤਬਦੀਲੀ ਕੀਤੀ ਗਈ ਹੈ।