ਅੰਮ੍ਰਿਤਸਰ ਦੇ ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਭਟਕਾਉਣ ਵਾਲੀਆਂ ਗਤੀਵਿਧੀਆਂ ਤੋਂ ਦੂਰ ਰੱਖਣ ਲਈ ਹੁਣ ਗੁਰੂ ਘਰਾਂ ਨੂੰ ਵੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ। ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਸ਼ਾਮ ਦੇ ਪਾਠ ਤੋਂ ਬਾਅਦ ਅਨਾਊਂਸਮੈਂਟ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਮੁਹਿੰਮ ਵਿੱਚ ਨਾਬਾਲਗ ਬੱਚਿਆਂ ’ਤੇ ਖਾਸ ਤੌਰ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਗੁਰੂ ਘਰਾਂ ਤੋਂ ਦਿੱਤੇ ਜਾ ਰਹੇ ਸੰਦੇਸ਼ਾਂ ਰਾਹੀਂ ਨੌਜਵਾਨਾਂ ਨੂੰ ਅਜਿਹੇ ਵਿਅਕਤੀਆਂ ਤੋਂ ਦੂਰ ਰਹਿਣ ਲਈ ਕਿਹਾ ਜਾ ਰਿਹਾ ਹੈ, ਜੋ ਉਨ੍ਹਾਂ ਨੂੰ ਕਿਸੇ ਗੈਰ-ਕਾਨੂੰਨੀ ਜਾਂ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਕਰ ਸਕਦੇ ਹਨ।
ਇਸ ਦੇ ਨਾਲ ਹੀ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਪਾਠੀ ਸਿੰਘਾਂ ਵੱਲੋਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਮਾਪਿਆਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਬੱਚਿਆਂ ਦੀਆਂ ਰੋਜ਼ਾਨਾ ਗਤੀਵਿਧੀਆਂ ’ਤੇ ਨਜ਼ਰ ਰੱਖਣ, ਉਨ੍ਹਾਂ ਦੇ ਦੋਸਤਾਂ ਅਤੇ ਸੰਪਰਕਾਂ ਬਾਰੇ ਜਾਣਕਾਰੀ ਰੱਖਣ ਅਤੇ ਇਹ ਸਮਝਣ ਦੀ ਕੋਸ਼ਿਸ਼ ਕਰਨ ਕਿ ਬੱਚੇ ਆਪਣਾ ਸਮਾਂ ਕਿੱਥੇ ਅਤੇ ਕਿਨ੍ਹਾਂ ਲੋਕਾਂ ਨਾਲ ਬਿਤਾ ਰਹੇ ਹਨ।







