ਪੰਜਾਬ : 4 ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ…

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਦੀ ਦੂਜੀ ਕੜੀ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਆਯੋਜਿਤ ਕੀਤੀ ਜਾਵੇਗੀ।

ਇਨ੍ਹਾਂ ਸਮਾਗਮਾਂ ਵਿੱਚ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਸੰਗਤ ਨਾਲ ਮਿਲ ਕੇ ਸ਼ਮੂਲੀਅਤ ਕਰਨਗੇ। ਗੁਰਦਾਸਪੁਰ ਜ਼ਿਲ੍ਹੇ ਦਾ ਸ਼ੋਅ ਆਈ.ਟੀ.ਆਈ ਬਟਾਲਾ ਵਿੱਚ ਹੋਵੇਗਾ, ਜਿਸ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਹਾਜ਼ਰੀ ਲਗਾਉਣਗੇ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ, ਜਦਕਿ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਹਾਜ਼ਰ ਰਹਿਣਗੇ। ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਹੋਣ ਵਾਲੇ ਸ਼ੋਅ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸ਼ਿਰਕਤ ਕਰਨਗੇ।

ਸੌਂਦ ਨੇ ਦੱਸਿਆ ਕਿ ਇਹ ਸ਼ੋਅ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਪਦੇਸ਼ਾਂ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਉਣਗੇ, ਤਾਂ ਜੋ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਣਾ ਮਿਲ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਅਤੇ ਪਠਾਨਕੋਟ ਵਿੱਚ ਹੋਏ ਲਾਈਟ ਐਂਡ ਸਾਊਂਡ ਸ਼ੋਅਜ਼ ਨੂੰ ਸੰਗਤਾਂ ਵੱਲੋਂ ਵੱਡੀ ਪ੍ਰਸ਼ੰਸਾ ਮਿਲੀ ਸੀ। ਉਨ੍ਹਾਂ ਲੋਕਾਂ ਨੂੰ 8 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਵੀ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਦੇ ਤਹਿਤ 11, 14, 17 ਅਤੇ 20 ਨਵੰਬਰ ਨੂੰ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਕਰਵਾਏ ਜਾਣਗੇ।