ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਦੀ ਮੰਗ ਨੂੰ ਲੈ ਕੇ ਬੈਂਕ ਕਰਮਚਾਰੀਆਂ ਦਾ ਰੋਸ
ਪਟਿਆਲਾ: ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੰਜ ਦਿਨਾਂ ਦੇ ਕੰਮਕਾਜੀ ਹਫ਼ਤੇ ਨੂੰ ਲਾਗੂ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸੇ ਤਹਿਤ ਪਟਿਆਲਾ ਵਿੱਚ ਐਸ.ਬੀ.ਆਈ. ਦੀ ਸ਼ੇਰਾਂਵਾਲਾ ਗੇਟ ਸ਼ਾਖਾ ਦੇ ਬਾਹਰ ਬੈਂਕ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
‘ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਪੰਜਾਬ)’ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਬੈਂਕ ਅਧਿਕਾਰੀਆਂ ਅਤੇ ਕਲਰਕਾਂ ਨੇ ਮੰਗ ਕੀਤੀ ਕਿ ਬੈਂਕਿੰਗ ਖੇਤਰ ਵਿੱਚ ਵੀ ਪੰਜ ਦਿਨਾਂ ਦੇ ਕੰਮਕਾਜ ਵਾਲੀ ਪ੍ਰਣਾਲੀ ਲਾਗੂ ਕੀਤੀ ਜਾਵੇ। ਬੈਂਕ ਆਗੂਆਂ ਨੇ ਕਿਹਾ ਕਿ ਕਈ ਸਰਕਾਰੀ ਅਤੇ ਨਿੱਜੀ ਸੰਸਥਾਵਾਂ ਵਿੱਚ ਪਹਿਲਾਂ ਹੀ ਪੰਜ ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਹੈ, ਪਰ ਬੈਂਕ ਕਰਮਚਾਰੀਆਂ ਨੂੰ ਇਹ ਸਹੂਲਤ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਭਾਵੇਂ ਸ਼ਨੀਵਾਰ ਅਤੇ ਐਤਵਾਰ ਨੂੰ ਬੈਂਕ ਸ਼ਾਖਾਵਾਂ ਬੰਦ ਰਹਿੰਦੀਆਂ ਹਨ, ਪਰ ਇਨ੍ਹਾਂ ਦਿਨਾਂ ਦੌਰਾਨ ਵੀ ਇੰਟਰਨੈੱਟ ਬੈਂਕਿੰਗ, ਏਟੀਐਮ ਅਤੇ ਡਿਜੀਟਲ ਭੁਗਤਾਨ ਵਰਗੀਆਂ ਸੇਵਾਵਾਂ ਲਗਾਤਾਰ ਉਪਲਬਧ ਰਹਿੰਦੀਆਂ ਹਨ। ਆਗੂਆਂ ਨੇ ਸਰਕਾਰ ਤੋਂ ਬੈਂਕ ਕਰਮਚਾਰੀਆਂ ਦੀ ਮੰਗ ਨੂੰ ਜਲਦ ਮਨਜ਼ੂਰ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਆਗੂ ਰਾਜੀਵ ਸਰਹਿੰਦੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28, 29 ਅਤੇ 30 ਸਤੰਬਰ ਨੂੰ ਦੇਸ਼-ਵਿਆਪੀ ਹੜਤਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਵੀ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ।







