ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਦੇ ਰਾਹ ਵਿੱਚ ਆਉਣ ਵਾਲੇ ਹਰ ਅੜਿੱਕੇ ਨੂੰ ਦੂਰ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦਾ ਵਿਰੋਧ ਕਰਨ ਵਾਲੀਆਂ ਸਿਆਸੀ ਪਾਰਟੀਆਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੀਆਂ।
ਸੰਸਦ ਦੇ ਅਗਲੇ ਹਫ਼ਤੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਹਲਕਾਬੰਦੀ ਅਤੇ ਮਹਿਲਾ ਰਾਖਵਾਂਕਰਨ ਸੋਧ ਬਿੱਲਾਂ ’ਤੇ ਚਰਚਾ ਅਤੇ ਉਨ੍ਹਾਂ ਨੂੰ ਪਾਸ ਕਰਵਾਉਣ ਦੀ ਸਰਕਾਰ ਦੀ ਕੋਸ਼ਿਸ਼ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਵੀਡੀਓ ਸੁਨੇਹਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ‘ਮਹਿਲਾ ਸ਼ਕਤੀ’ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ 132ਵੇਂ ਸੰਵਿਧਾਨ ਸੋਧ ਬਿੱਲ ਦੀ ਹਮਾਇਤ ਕਰਨੀ ਚਾਹੀਦੀ ਹੈ, ਤਾਂ ਜੋ ਸਾਰੇ ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ 50 ਫ਼ੀਸਦੀ ਵਧਾਈ ਜਾ ਸਕੇ।
ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਸਰਕਾਰ ਨੇ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਸੋਮਵਾਰ ਤੋਂ ਸੰਸਦ ਦਾ ਚਾਰ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਉਨ੍ਹਾਂ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਦਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲਾਂ ’ਤੇ ਸਾਰਥਕ ਚਰਚਾ ਕਰਨ।








