ਮਹਿੰਗਾਈ ਭੱਤੇ ਦੇ ਬਕਾਏ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ

ਡੀਏ/ਡੀਆਰ ਬਕਾਇਆ ਮਾਮਲੇ ’ਚ ਪੰਜਾਬ ਸਰਕਾਰ ਖ਼ਿਲਾਫ਼ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ

ਪੰਜਾਬ ਸਰਕਾਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸਰਕਾਰ ਨੇ ਹਾਈ ਕੋਰਟ ਦੇ ਉਸ ਹੁਕਮ ਦੀ ਪਾਲਣਾ ਨਹੀਂ ਕੀਤੀ, ਜਿਸ ਅਨੁਸਾਰ ਪੰਜਾਬ ਵਿੱਚ ਤਾਇਨਾਤ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਦੇ ਬਰਾਬਰ ਦਰਾਂ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣੀਆਂ ਸਨ।

ਸੇਵਾਮੁਕਤ ਮੁਲਾਜ਼ਮਾਂ ਵੱਲੋਂ ਸੰਵਿਧਾਨ ਦੀ ਧਾਰਾ 215 ਅਤੇ ਕੰਟੈਂਪਟ ਆਫ ਕੋਰਟਸ ਐਕਟ ਦੀ ਧਾਰਾ 12 ਤਹਿਤ ਦਾਇਰ ਕੀਤੀ ਗਈ ਇਸ ਪਟੀਸ਼ਨ ਵਿੱਚ ਸੂਬਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨ ਲਈ ਕਾਰਵਾਈ ਅਤੇ ਸਜ਼ਾ ਦੀ ਮੰਗ ਕੀਤੀ ਗਈ ਹੈ।

ਇਹ ਮਾਮਲਾ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ 3 ਅਗਸਤ ਨੂੰ ਸੁਣਾਏ ਗਏ ਫ਼ੈਸਲੇ ਨਾਲ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 8 ਅਪਰੈਲ ਨੂੰ ਸਿੰਗਲ ਬੈਂਚ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ, ਪਰ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਅਪੀਲ ਰੱਦ ਕਰਦੇ ਹੋਏ ਸਿੰਗਲ ਜੱਜ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਸੀ।

ਅਦਾਲਤ ਨੇ ਆਪਣੇ ਹੁਕਮਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਆਪਣੇ ਸਾਰੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ/ਡੀਆਰ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਕੇਂਦਰ ਸਰਕਾਰ ਦੇ ਪੈਟਰਨ ਅਤੇ ਆਲ ਇੰਡੀਆ ਸਰਵਿਸਿਜ਼ ਦੇ ਅਧਿਕਾਰੀਆਂ ਨੂੰ ਮਿਲ ਰਹੀਆਂ ਦਰਾਂ ਅਨੁਸਾਰ ਅਦਾ ਕਰਨ।

ਹਾਈ ਕੋਰਟ ਨੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜੋ 17 ਅਗਸਤ ਨੂੰ ਸਮਾਪਤ ਹੋ ਗਿਆ। ਪਟੀਸ਼ਨਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਉਨ੍ਹਾਂ ਅਤੇ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਅਧਿਕਾਰੀਆਂ ਨੂੰ ਅਦਾਲਤੀ ਹੁਕਮਾਂ ਦੀਆਂ ਕਾਪੀਆਂ ਦੇ ਕੇ ਉਨ੍ਹਾਂ ਨੂੰ ਲਾਗੂ ਕਰਨ ਦੀ ਮੰਗ ਵੀ ਕੀਤੀ ਸੀ।

ਪਟੀਸ਼ਨ ਅਨੁਸਾਰ, ਬਕਾਇਆ ਰਕਮ ਜਾਰੀ ਕਰਨ ਦੀ ਬਜਾਏ ਵਿੱਤ ਵਿਭਾਗ ਦੀ ਅੰਡਰ ਸੈਕਟਰੀ ਸਰੋਜ ਵੱਲੋਂ 17 ਅਗਸਤ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ, ਜਿਸ ਵਿੱਚ ਸਾਰੇ ਵਿਭਾਗਾਂ ਨੂੰ ਕਿਹਾ ਗਿਆ ਕਿ ਵਿੱਤ ਵਿਭਾਗ ਦੀ ਪਹਿਲਾਂ ਮਨਜ਼ੂਰੀ ਜਾਂ ਆਮ ਹਦਾਇਤਾਂ ਤੋਂ ਬਿਨਾਂ ਅਜਿਹੇ ਅਦਾਲਤੀ ਹੁਕਮ ਲਾਗੂ ਨਾ ਕੀਤੇ ਜਾਣ।

ਪਟੀਸ਼ਨਰਾਂ ਨੇ ਇਸ ਪੱਤਰ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਜਾਣਬੁੱਝ ਕੇ ਕੀਤੀ ਗਈ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤ ਨੇ ਡੀਏ ਅਤੇ ਡੀਆਰ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਲਈ ਸਪੱਸ਼ਟ ਸਮਾਂ-ਸੀਮਾ ਨਿਰਧਾਰਤ ਕੀਤੀ ਸੀ, ਪਰ ਵਿੱਤ ਵਿਭਾਗ ਵੱਲੋਂ ਵਾਧੂ ਮਨਜ਼ੂਰੀ ਦੀ ਸ਼ਰਤ ਲਗਾ ਕੇ ਅਦਾਲਤੀ ਹੁਕਮਾਂ ਦੀ ਪਾਲਣਾ ਵਿੱਚ ਰੁਕਾਵਟ ਪੈਦਾ ਕੀਤੀ ਗਈ ਹੈ।