ਮਾਨਸਾ ਵਿੱਚ ਵੱਡੀ ਕਾਰਵਾਈ: ਹੈਰੋਇਨ ਸਮੇਤ 6 ਵਿਅਕਤੀ ਕਾਬੂ

ਮਾਨਸਾ : ਜ਼ਿਲ੍ਹਾ ਮਾਨਸਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 4 ਵੱਖ-ਵੱਖ ਮਾਮਲੇ ਦਰਜ ਕਰਕੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 27.10 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਹੈ।

ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਟੀਮ ਨੇ ਕਿਸ਼ਨਗੜ੍ਹ ਫਰਮਾਹੀ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁਖ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਇਸ ਸਬੰਧੀ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਸੀ.ਆਈ.ਏ. ਸਟਾਫ ਮਾਨਸਾ ਦੀ ਟੀਮ ਨੇ ਥਾਣਾ ਸਰਦੂਲਗੜ੍ਹ ਅਧੀਨ ਕਾਰਵਾਈ ਕਰਦਿਆਂ ਮੀਰਪੁਰ ਖੁਰਦ ਦੇ ਰਹਿਣ ਵਾਲੇ ਵੀਰਬਲ ਸਿੰਘ ਉਰਫ਼ ਅਣੂ ਅਤੇ ਬਿੱਟੂ ਸਿੰਘ ਨੂੰ 6.10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।

ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਮੰਗਲ ਸਿੰਘ ਅਤੇ ਗੁਰਦਾਸ ਸਿੰਘ ਨੂੰ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਉੱਧਰ, ਸੀ.ਆਈ.ਏ. ਸਟਾਫ ਮਾਨਸਾ ਨੇ ਥਾਣਾ ਬੋਹਾ ਖੇਤਰ ਵਿੱਚ ਕੀਤੀ ਕਾਰਵਾਈ ਦੌਰਾਨ ਸੋਹਣ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਵੱਲੋਂ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਲਿੰਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।