ਨਾਭਾ ’ਚ ਮੈਗਾ ਪੀਟੀਐੱਮ ਦੌਰਾਨ ਵਿਵਾਦ, ਮੁੱਖ ਮੰਤਰੀ ਨੂੰ ਸੰਦੇਸ਼ ਦੇਣ ਤੋਂ ਰੋਕਣ ਦੇ ਦੋਸ਼
ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਸੂਬਾ ਪੱਧਰੀ ਮੈਗਾ ਅਧਿਆਪਕ-ਮਾਪੇ ਮਿਲਣੀ (ਪੀਟੀਐੱਮ) ਦੌਰਾਨ ਨਾਭਾ ਦੇ ਪਿੰਡ ਰਾਮਗੜ੍ਹ ਵਿੱਚ ਵਿਵਾਦ ਖੜ੍ਹਾ ਹੋ ਗਿਆ। ਪਿੰਡ ਦੀਆਂ ਮਜ਼ਦੂਰ ਔਰਤਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਲਈ ਆਪਣਾ ਵੀਡੀਓ ਸੰਦੇਸ਼ ਰਿਕਾਰਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਔਰਤਾਂ ਨੇ ਸਕੂਲ ਦੇ ਬਾਹਰ ਖੜ੍ਹ ਕੇ ਆਪਣਾ ਵੀਡੀਓ ਬਣਾਇਆ ਅਤੇ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਨਸ਼ਿਆਂ ਦੀ ਸਮੱਸਿਆ ਅਤੇ ਪੇਂਡੂ ਰੁਜ਼ਗਾਰ ਦੇ ਮੁੱਦੇ ਉਠਾਏ।
ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ, ਮੈਗਾ ਪੀਟੀਐੱਮ ਵਿੱਚ ਸ਼ਾਮਲ ਹੋਣ ਵਾਲੇ ਮਾਪਿਆਂ, ਖ਼ਾਸ ਕਰਕੇ ਮਾਵਾਂ ਦੇ ਵੀਡੀਓ ਸੰਦੇਸ਼ ਰਿਕਾਰਡ ਕਰਨੇ ਸਨ। ਇਨ੍ਹਾਂ ਸੰਦੇਸ਼ਾਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਫੀਡਬੈਕ ਦੇਣ ਜਾਂ ਮੁੱਖ ਮੰਤਰੀ ਦੇ ਨਾਂ ਆਪਣੀ ਗੱਲ ਰੱਖਣ ਲਈ ਕਿਹਾ ਗਿਆ ਸੀ। ਸੰਦੇਸ਼ਾਂ ਨੂੰ ਐਪ ’ਤੇ ਅਪਲੋਡ ਕਰਨ ਦੇ ਵੀ ਨਿਰਦੇਸ਼ ਸਨ।
ਪਿੰਡ ਰਾਮਗੜ੍ਹ ਦੇ ਸਰਕਾਰੀ ਸਕੂਲ ਵਿੱਚ ਜਦੋਂ ਮਜ਼ਦੂਰ ਔਰਤਾਂ ਦਾ ਇੱਕ ਸਮੂਹ ਮੁੱਖ ਮੰਤਰੀ ਤੱਕ ਆਪਣੀ ਗੱਲ ਪਹੁੰਚਾਉਣ ਲਈ ਪਹੁੰਚਿਆ ਤਾਂ ਮਾਮਲਾ ਵਿਵਾਦ ਦਾ ਰੂਪ ਧਾਰ ਗਿਆ। ਸੁਖਵਿੰਦਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਾਵਾਂ ਦੇ ਸੰਦੇਸ਼ ਮੰਗੇ ਜਾਣ ਬਾਰੇ ਪਤਾ ਲੱਗਣ ’ਤੇ ਪਿੰਡ ਦੀਆਂ ਔਰਤਾਂ ਨੇ ਇਕੱਠੇ ਹੋ ਕੇ ਆਪਣੀਆਂ ਸਮੱਸਿਆਵਾਂ ਸਾਹਮਣੇ ਰੱਖਣ ਦਾ ਫ਼ੈਸਲਾ ਕੀਤਾ ਸੀ।
ਕੁਲਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਭੂਰ ਕੌਰ ਸਮੇਤ ਹੋਰਨਾਂ ਔਰਤਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚਮੁੱਚ ਮਾਵਾਂ ਨਾਲ ਸਿੱਧਾ ਸੰਵਾਦ ਕਰਨਾ ਚਾਹੁੰਦੇ ਹਨ ਤਾਂ ਇਹ ਸਵਾਗਤਯੋਗ ਕਦਮ ਹੈ। ਪਰ ਉਨ੍ਹਾਂ ਮੁਤਾਬਕ ਸਿਰਫ਼ ਤਾਰੀਫ਼ਾਂ ਸੁਣਨ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫੀਡਬੈਕ ਬੱਚਿਆਂ ਦੇ ਭਵਿੱਖ ਅਤੇ ਪੇਂਡੂ ਪਰਿਵਾਰਾਂ ਦੀਆਂ ਮੁਸ਼ਕਲਾਂ ਨਾਲ ਜੁੜੀ ਹੋਈ ਹੈ।
ਔਰਤਾਂ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਪਿੰਡਾਂ ਅੰਦਰ ਨਸ਼ਿਆਂ ਦੀ ਵਧ ਰਹੀ ਸਮੱਸਿਆ, ਲੁੱਟ-ਖੋਹ ਦੀਆਂ ਘਟਨਾਵਾਂ ਅਤੇ ਮਨਰੇਗਾ ਤਹਿਤ ਕੰਮ ਨਾ ਮਿਲਣ ਦੇ ਮੁੱਦੇ ਉਠਾਏ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਵਿਕਰੀ ਅਤੇ ਝਪਟਮਾਰੀ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਨਰੇਗਾ ਤਹਿਤ ਕੰਮ ਬੰਦ ਹੋਣ ਕਾਰਨ ਗ਼ਰੀਬ ਪੇਂਡੂ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਔਰਤਾਂ ਨੇ ਮੁੱਖ ਮੰਤਰੀ ਨੂੰ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਮਨਰੇਗਾ ਤਹਿਤ ਕੰਮ ਮੁੜ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ।
ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਜਸਵੀਰ ਸਿੰਘ ਨੇ ਕਿਹਾ ਕਿ ਸਕੂਲ ਵੱਲੋਂ ਕਿਸੇ ਵੀ ਮਾਪੇ ਦਾ ਵੀਡੀਓ ਬਿਆਨ ਰਿਕਾਰਡ ਨਹੀਂ ਕੀਤਾ ਗਿਆ।
ਵਿਰੋਧੀ ਧਿਰ ਨੇ ਸਰਕਾਰੀ ਪ੍ਰਚਾਰ ਦੇ ਦੋਸ਼ ਲਾਏ
ਇਸ ਘਟਨਾ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਅਧਿਆਪਕ ਯੂਨੀਅਨਾਂ ਨੇ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਿੱਖਿਆ ਸੰਸਥਾਵਾਂ ਨੂੰ ਸਰਕਾਰੀ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ ਅਤੇ ਪੀਟੀਐੱਮ ਦੇ ਅਸਲ ਉਦੇਸ਼ ਤੋਂ ਧਿਆਨ ਹਟਾਇਆ ਜਾ ਰਿਹਾ ਹੈ।
ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਧਿਆਪਕ-ਮਾਪੇ ਮਿਲਣੀ ਦਾ ਮਕਸਦ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮੰਚ ਨੂੰ ‘ਯੁੱਧ ਨਸ਼ਿਆਂ ਵਿਰੁੱਧ’, ‘ਸਿੱਖਿਆ ਕ੍ਰਾਂਤੀ’ ਅਤੇ ਹੋਰ ਸਰਕਾਰੀ ਮੁਹਿੰਮਾਂ ਦੇ ਪ੍ਰਚਾਰ ਲਈ ਵਰਤਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸਰਕਾਰ ਦੀਆਂ ਨੀਤੀਆਂ ਬਾਰੇ ਆਪਣੀਆਂ ਸ਼ਿਕਾਇਤਾਂ ਸਾਹਮਣੇ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।
ਇਸ ਮਾਮਲੇ ਨੇ ਮੈਗਾ ਪੀਟੀਐੱਮ ਦੇ ਉਦੇਸ਼ ਅਤੇ ਮਾਪਿਆਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸਰਕਾਰ ਤੱਕ ਪਹੁੰਚਾਉਣ ਦੇ ਮੌਕੇ ਨੂੰ ਲੈ ਕੇ ਸਿਆਸੀ ਬਹਿਸ ਛੇੜ ਦਿੱਤੀ ਹੈ।







