ਮੋਦੀ ਦੀ ਰੈਲੀ ਲਈ ਅਕਾਲੀ-ਭਾਜਪਾ ਆਗੂਆਂ ਨੇ ਘੜੀ ਸਾਂਝੀ ਰਣਨੀਤੀ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਹੋਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਅੱਜ ਪਹਿਲੀ ਰਸਮੀ ਮੀਟਿੰਗ ਕੀਤੀ। ਚੰਡੀਗੜ੍ਹ ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਹੋਈ ਇਸ ਬੈਠਕ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦਾ ਮੁੱਖ ਕੇਂਦਰ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਰਹੀ, ਜੋ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕਰਵਾਈ ਜਾਵੇਗੀ। ਇਸ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਇਸ ਤੋਂ ਬਾਅਦ ਹੀ ਦੋਵੇਂ ਪਾਰਟੀਆਂ ਵੱਲੋਂ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਲਿਆਂਦੇ ਜਾ ਰਹੇ ਹਲਕਾਬੰਦੀ ਬਿੱਲ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿੱਚ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ ਅਤੇ ਦਲਜੀਤ ਸਿੰਘ ਚੀਮਾ ਸ਼ਾਮਲ ਹੋਏ, ਜਦਕਿ ਭਾਜਪਾ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਸ਼ਿਰਕਤ ਕੀਤੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੀਟਿੰਗ ਦੌਰਾਨ ਸੀਟਾਂ ਦੀ ਵੰਡ ਬਾਰੇ ਕੋਈ ਚਰਚਾ ਨਹੀਂ ਹੋਈ।

ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੇ 8 ਦਸੰਬਰ ਨੂੰ ਹੋਣ ਵਾਲੀ ਮੋਗਾ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ ਕੀਤਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਦੋ ਮਹੀਨਿਆਂ ਦੌਰਾਨ ਕੀਤੀਆਂ ਜਾਣ ਵਾਲੀਆਂ ਰੈਲੀਆਂ ਬਾਰੇ ਵੀ ਗੱਲਬਾਤ ਹੋਈ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਗੱਠਜੋੜ ਸੂਬੇ ਦੀ ਖ਼ੁਸ਼ਹਾਲੀ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਮੀਟਿੰਗ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਨਸ਼ਿਆਂ ਦਾ ਪ੍ਰਕੋਪ ਵਧ ਰਿਹਾ ਹੈ। ਇਸ ਕਾਰਨ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਾਰਾਜ਼ ਹਨ। ਉਨ੍ਹਾਂ ਪ੍ਰਸਤਾਵਿਤ ਹਲਕਾਬੰਦੀ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਇਹ ਪ੍ਰਕਿਰਿਆ ਹੁਣ ਨਾ ਕੀਤੀ ਜਾਂਦੀ ਤਾਂ ਜਨਵਰੀ ਵਿੱਚ ਮਰਦਮਸ਼ੁਮਾਰੀ ਤੋਂ ਬਾਅਦ ਕਰਨੀ ਪੈਣੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ।

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਜ਼ਰੂਰੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਰੀਬ 80 ਸੀਟਾਂ ਜਿੱਤੇਗਾ।