ਬੰਗਾ ਦੇ ਮੁੱਖ ਮਾਰਗ ’ਤੇ ਬਣੇ ਫਲਾਈਓਵਰ ਤੋਂ ਹੇਠਾਂ ਉਤਰਦੇ ਸਮੇਂ ਇੱਕ ਨਿੱਜੀ ਕੰਪਨੀ ਦੀ ਯਾਤਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 17 ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ਵਿੱਚ ਬੱਸ ਦਾ ਕੰਡਕਟਰ ਵੀ ਸ਼ਾਮਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਮਨਾਲੀ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਬੰਗਾ ਨੇੜੇ ਫਲਾਈਓਵਰ ਤੋਂ ਉਤਰਦਿਆਂ ਬੱਸ ਦਾ ਸੰਤੁਲਨ ਅਚਾਨਕ ਵਿਗੜ ਗਿਆ, ਜਿਸ ਕਾਰਨ ਉਹ ਸੜਕ ’ਤੇ ਪਲਟ ਗਈ। ਹਾਦਸੇ ਮਗਰੋਂ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹੜਕੰਪ ਮਚ ਗਿਆ ਅਤੇ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ।
ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਢਾਹਾਂ ਕਲੇਰਾਂ ਸਥਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲੀ ਸੂਤਰਾਂ ਮੁਤਾਬਕ ਇੱਕ ਜ਼ਖ਼ਮੀ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਹਾਦਸਾ ਵਾਪਰ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਕੁਝ ਵਿਦਿਆਰਥੀ ਵੀ ਸਵਾਰ ਸਨ। ਹਾਦਸੇ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦੇ ਪਰਖੱਚੇ ਉੱਡ ਗਏ।







