ਪ੍ਰੇਮ ਵਿਆਹ ਦਾ ਖ਼ੌਫਨਾਕ ਅੰਜਾਮ, ਤਰਨਤਾਰਨ ’ਚ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
ਤਰਨਤਾਰਨ ਜ਼ਿਲ੍ਹੇ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦਾ ਕਿਰਚਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਕੱਦਗਿੱਲ ਵਾਸੀ ਜਗਜੀਤ ਸਿੰਘ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਜਗਜੀਤ ਸਿੰਘ ਆਪਣੇ ਨਾਨਕੇ ਪਿੰਡ ਨੌਰੰਗਾਬਾਦ ਵਿਖੇ ਰਹਿੰਦਾ ਸੀ। ਉੱਥੇ ਉਸ ਦੇ ਇੱਕ ਲੜਕੀ ਨਾਲ ਪ੍ਰੇਮ ਸਬੰਧ ਸਨ ਅਤੇ ਕਰੀਬ ਇੱਕ ਮਹੀਨਾ ਪਹਿਲਾਂ ਦੋਵਾਂ ਨੇ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਪ੍ਰੇਮ ਵਿਆਹ ਤੋਂ ਲੜਕੀ ਦੇ ਭਰਾ ਨਾਰਾਜ਼ ਸਨ। ਇਸੇ ਰੰਜਿਸ਼ ਤਹਿਤ ਲੜਕੀ ਦੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜਗਜੀਤ ਸਿੰਘ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਪੁਲਿਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਆਨਾਂ ਅਤੇ ਜਾਂਚ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।







