ਵਿਦੇਸ਼ ਤੋਂ ਆਈ ਖਬਰ ਨੇ ਘਰ ‘ਚ ਪਵਾ ਦਿੱਤੀ ਚੀਕ ਚੀਹਾੜਾ, 2 ਨੌਜਵਾਨਾਂ ਦੀ ਮੌਤ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨਾਲ ਪਰਿਵਾਰਾਂ ਅਤੇ ਪਿੰਡਾਂ ਵਿੱਚ ਗਹਿਰਾ ਸੋਗ ਛਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਾਰੀ ਗੌਰ ਸਿੰਘ ਅਤੇ ਏਲੋਵਾਲ ਪਿੰਡਾਂ ਦੇ ਰਹਿਣ ਵਾਲੇ ਤਲਵਿੰਦਰ ਸਿੰਘ ਅਤੇ ਜਾਬੀਰ ਸਿੰਘ ਰੋਜ਼ਗਾਰ ਅਤੇ ਆਪਣੇ ਪਰਿਵਾਰਾਂ ਦੇ ਚੰਗੇ ਭਵਿੱਖ ਲਈ ਕੈਨੇਡਾ ਗਏ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਫੋਰਟ ਨੈਲਸਨ ਦੇ ਨੇੜੇ ਹਾਈਵੇਅ 97 (ਅਲਾਸਕਾ ਹਾਈਵੇਅ) ‘ਤੇ ਇੱਕ ਭਿਆਨਕ ਟਰੱਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਵੇਂ ਹੀ ਇਹ ਖ਼ਬਰ ਉਨ੍ਹਾਂ ਦੇ ਪਿੰਡਾਂ ਅਤੇ ਪਰਿਵਾਰਾਂ ਤੱਕ ਪਹੁੰਚੀ, ਸੋਗ ਦੀ ਲਹਿਰ ਦੌੜ ਗਈ।

ਪਰਿਵਾਰਕ ਮੈਂਬਰਾਂ ਮੁਤਾਬਕ ਦੋਵੇਂ ਨੌਜਵਾਨ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰ ਰਹੇ ਸਨ ਅਤੇ ਆਪਣੀ ਮਿਹਨਤ ਨਾਲ ਪਰਿਵਾਰ ਲਈ ਚੰਗਾ ਭਵਿੱਖ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਨੂੰ ਮਿਹਨਤੀ ਅਤੇ ਸਾਫ਼-ਸੁਥਰੀ ਸੋਚ ਵਾਲੇ ਨੌਜਵਾਨਾਂ ਵਜੋਂ ਯਾਦ ਕੀਤਾ ਜਾ ਰਿਹਾ ਹੈ।

ਹਾਦਸੇ ਤੋਂ ਬਾਅਦ ਕੈਨੇਡੀਅਨ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੇ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਜਲਦੀ ਤੋਂ ਜਲਦੀ ਪੰਜਾਬ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਘਰ-ਪਰਿਵਾਰ ਦੀ ਮੌਜੂਦਗੀ ਵਿੱਚ ਕੀਤਾ ਜਾ ਸਕੇ।