ਸਤਿਕਾਰ ਸੋਧ ਐਕਟ ’ਤੇ ਪਹਿਲੀ ਮੀਟਿੰਗ ਬੇਸਿੱਟਾ, ਸਰਕਾਰ ਤੇ ਅਕਾਲ ਤਖ਼ਤ ਦੀਆਂ ਕਮੇਟੀਆਂ ਵਿਚਾਲੇ ਨਹੀਂ ਬਣੀ ਸਹਿਮਤੀ

ਸਤਿਕਾਰ ਸੋਧ ਐਕਟ ’ਤੇ ਸਰਕਾਰ ਤੇ ਅਕਾਲ ਤਖ਼ਤ ਵਿਚਾਲੇ ਗੱਲਬਾਤ ਲਈ ਸਾਂਝੀ ਮੀਟਿੰਗ ’ਤੇ ਜ਼ੋਰ

ਸਰਕਾਰ ਵੱਲੋਂ ਗਠਿਤ ਕਮੇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਖ ਉਦੇਸ਼ ਦੋਵਾਂ ਧਿਰਾਂ ਵਿਚਾਲੇ ਤਾਲਮੇਲ ਕਾਇਮ ਕਰਨਾ ਹੈ। ਉਨ੍ਹਾਂ ਅਨੁਸਾਰ ਜਦੋਂ ਤੱਕ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈਆਂ ਮਾਹਰ ਕਮੇਟੀਆਂ ਦੇ ਮੈਂਬਰ ਆਪਸ ਵਿੱਚ ਬੈਠ ਕੇ ਵਿਚਾਰ-ਵਟਾਂਦਰਾ ਨਹੀਂ ਕਰਦੇ, ਉਦੋਂ ਤੱਕ ਮਾਮਲੇ ਨੂੰ ਅੱਗੇ ਵਧਾਉਣਾ ਸੰਭਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕਮੇਟੀ ਪਹਿਲਾਂ ਹੀ ਆਪਣੀਆਂ ਮੀਟਿੰਗਾਂ ਕਰ ਚੁੱਕੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੀਟਿੰਗ ਤੋਂ ਪਹਿਲਾਂ ਕਾਨੂੰਨ ’ਤੇ ਰੋਕ ਲਾਉਣ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਤਾਲਮੇਲ ਕਮੇਟੀ ਇਸ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕਦੀ।

ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੂੰ ਸਾਂਝੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਸੀ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ।

ਦੂਜੇ ਪਾਸੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਸਰਕਾਰ ਤੋਂ ਕਾਨੂੰਨ ’ਤੇ ਰੋਕ ਲਾਉਣ ਅਤੇ ਪਹਿਲਾਂ ਜਾਰੀ ਕੀਤੇ ਗਏ ਆਦੇਸ਼ਾਂ ’ਤੇ ਕੀਤੀ ਕਾਰਵਾਈ ਬਾਰੇ ਜਾਣਕਾਰੀ ਮੰਗੀ ਸੀ। ਪਰ ਸਰਕਾਰ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਅੜੀਅਲ ਰਵੱਈਆ ਛੱਡ ਕੇ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾਏ, ਤਾਂ ਜੋ ਮਾਹਰ ਕਮੇਟੀ ਅਗਲੀ ਕਾਰਵਾਈ ਕਰ ਸਕੇ।